ਕਾਨਪੁਰ (ਉੱਤਰ ਪ੍ਰਦੇਸ਼): 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਇਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਹਿੰਸਾ ਦੌਰਾਨ ਇਕ ਘਰ ਨੂੰ ਅੱਗ ਲਗਾਉਣ ਵਾਲੀ ਭੀੜ ਦਾ ਹਿੱਸਾ ਸਨ। ਇਸ ਹਿੰਸਾ ਵਿੱਚ 127 ਵਿਅਕਤੀਆਂ ਦੀ ਮੌਤ ਹੋ ਗਈ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਆਪਣੇ ਸਿੱਖ ਸੁਰੱਖਿਆ ਗਾਰਡਾਂ ਵੱਲੋਂ ਹੱਤਿਆ ਕੀਤੇ ਜਾਣ ਤੋਂ ਬਾਅਦ ਭੜਕੀ ਹਿੰਸਾ ਦੇ ਸਬੰਧ ਵਿੱਚ ਐੱਸਆਈਟੀ ਹੁਣ ਤੱਕ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਹ ਗ੍ਰਿਫ਼ਤਾਰੀਆਂ ਬੀਤੇ ਦਿਨ ਕੀਤੀਆਂ ਗਈਆਂ। ਦੰਗਿਆਂ ਸਬੰਧੀ ਮਾਮਲਿਆਂ ਦੀ ਮੁੜ ਜਾਂਚ ਲਈ ਤਿੰਨ ਸਾਲ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਹੁਣ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਦੀ ਪਛਾਣ ਰਵੀ ਸ਼ੰਕਰ ਮਿਸ਼ਰਾ (76), ਭੋਲਾ ਕਸ਼ਿਅਪ (70), ਜਸਵੰਤ ਜਾਟਵ (68), ਰਮੇਸ਼ ਚੰਦਰ ਦੀਕਸ਼ਿਤ (62) ਅਤੇ ਗੰਗਾ ਬਕਸ਼ ਸਿੰਘ (60) ਵਾਸੀਆਨ ਕਿਦਵਈ ਨਗਰ ਵਜੋਂ ਹੋਈ ਹੈ। ਐੱਸਆਈਟੀ ਦੀ ਅਗਵਾਈ ਕਰ ਰਹੇ ਡੀਆਈਜੀ ਬਾਲੇਂਦੂ ਭੂਸ਼ਨ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮੁਲਜ਼ਮਾਂ ਨੂੰ ਆਈਪੀਸੀ ਦੀ ਧਾਰਾ 326 (ਖਤਰਨਾਕ ਹਥਿਆਰਾਂ ਨਾਲ ਜਾਣਬੁੱਝ ਕੇ ਸੱਟ ਮਾਰਨਾ), 396 (ਡਕੈਤੀ ਤੇ ਹੱਤਿਆ) ਅਤੇ 436 (ਘਰ ਨੂੰ ਢਹਿ-ਢੇਰੀ ਕਰਨ ਦੇ ਇਰਾਦੇ ਨਾਲ ਧਮਾਕਾਖੇਜ਼ ਸਮੱਗਰੀ ਜਾਂ ਅੱਗ ਦਾ ਇਸਤੇਮਾਲ ਕਰਨਾ) ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।ਡੀਆਈਜੀ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਾਲੀ 17 ਮੈਂਬਰੀ ਟੀਮ ਦੀ ਸ਼ਲਾਘਾ ਕੀਤੀ ਅਤੇ ਟੀਮ ਲਈ 25,000 ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਫ਼ਰਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। -ਪੀਟੀਆਈ