ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਕਿ ਜੇ ਵਟਸਐਪ ਦੇਸ਼ ਵਿੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਦੇ ਸੰਚਾਲਨ ਅਤੇ ਇਸਤੇਮਾਲ ’ਤੇ ਪਾਬੰਦੀ ਲਗਾ ਦਿੱਤੀ ਜਾਵੇ। ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਜਸਟਿਸ ਅਰਵਿੰਦ ਕੁਮਾਰ ਦੇ ਬੈਂਚ ਨੇ ਕਿਹਾ ਕਿ ਉਹ ਕੇਰਲ ਦੇ ਰਹਿਣ ਵਾਲੇ ਸਾਫਟਵੇਅਰ ਇੰਜਨੀਅਰ ਓਮਨਾਕੁੱਟਨ ਕੇਜੀ ਵੱਲੋਂ ਦਾਇਰ ਪਟੀਸ਼ਨ ’ਤੇ ਵਿਚਾਰ ਕਰਨ ਦੀ ਇੱਛੁਕ ਨਹੀਂ ਹੈ। ਓਮਨਾਕੁੱਟਨ ਨੇ ਆਪਣੀ ਪਟੀਸ਼ਨ ’ਚ ਤਰਕ ਦਿੱਤਾ ਕਿ ‘ਮੈਸੇਜਿੰਗ ਪਲੈਟਫਾਰਮ’ ਨੇ ਸੂਚਨਾ ਤਕਨਾਲੋਜੀ (ਮੱਧਵਰਤੀ ਦਿਸ਼ਾ-ਨਿਰਦੇਸ਼ ਅਤੇ ਡਿਜੀਟਲ ਮੀਡੀਆ ਆਦਰਸ਼ ਜ਼ਾਬਤਾ) ਨਿਯਮ, 2021 ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਨਹਿੱਤ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਵਟਸਐਪ ਸੰਵਿਧਾਨ ਦੀ ਧਾਰਾ 21 ਤਹਿਤ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ ਅਤੇ ਕੌਮੀ ਹਿੱਤ ਤੇ ਕੌਮੀ ਸੁਰੱਖਿਆ ਲਈ ਖ਼ਤਰਾ ਪੈਦਾ ਕਰ ਰਿਹਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ, ‘‘ਜੇ ਐਪ ਆਪਣੀ ਤਕਨੀਕ ਬਦਲਣ ਨੂੰ ਤਿਆਰ ਨਹੀਂ ਹੈ ਅਤੇ ਸਰਕਾਰ ਨਾਲ ਸਹਿਯੋਗ ਨਹੀਂ ਕਰਦਾ ਹੈ ਤਾਂ ਇਸ ਨੂੰ ਦੇਸ਼ ਵਿੱਚ ਕੰਮ ਕਰਨ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ ਹੈ।’’ -ਪੀਟੀਆਈ