ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਸਤੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਇੱਥੋਂ ਦੀ ਟਿਕਰੀ ਹੱਦ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਚੱਲ ਰਹੇ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਿੱਟੂ ਮੱਲਣ ਅਤੇ ਯੁਵਰਾਜ ਸਿੰਘ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਨਵੇਂ ਖੇਤੀ ਕਾਨੂੰਨ ਲਾਗੂ ਹੋਣ ਮਗਰੋਂ ਐੱਸਡੀਐੱਮ ਕਿਸਾਨਾਂ ਦੀਆਂ ਮੁਸ਼ਕਲਾਂ ਨਬਿੇੜਨਗੇ ਪਰ ਕਰਨਾਲ ਐੱਸਡੀਐੱਮ ਦਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਿਰ ਪਾੜਨ ਦਾ ਹੁਕਮ ਸਰਕਾਰ ਦੀ ਮਨਸ਼ਾ ਤੋਂ ਪਰਦਾ ਹਟਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਕਿਸਾਨ ਦੀ ਮੌਤ ਲਈ ਜ਼ਿੰਮੇਵਾਰ ਐੱਸਡੀਐੱਮ ਦਾ ਸਿਰਫ਼ ਤਬਾਦਲਾ ਕਰਨ ਦੇ ਹੁਕਮ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀ ਸਰਕਾਰ ਵੀ ਕੇਂਦਰ ਦਾ ਪੱਖ ਪੂਰ ਰਹੀ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਰਤੀ ਲੋਕਾਂ ਨੂੰ ਪੂੰਜੀਪਤੀ ਘਰਾਣਿਆਂ ਦੀ ਲੁੱਟ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਨੌਜਵਾਨਾਂ ਨੂੰ ਹੱਕਾਂ ਲਈ ਲਾਮਬੰਦ ਹੁੰਦਿਆਂ ਸੰਘਰਸ਼ ਨਾਲ ਜੁੜਨ ਦੀ ਅਪੀਲ ਕੀਤੀ।
ਅਮਨਦੀਪ ਸਿੰਘ ਚਾਉਕੇ ਅਤੇ ਕਰਨੈਲ ਸਿੰਘ ਧੂਰੀ ਨੇ ਕਿਹਾ ਕਿ ਖੇਤੀ ਕਾਨੂੰਨ ਹਰ ਵਰਗ ਦੇ ਲੋਕਾਂ ’ਤੇ ਮਾਰੂ ਅਸਰ ਪਾਉਣਗੇ। ਬਠਿੰਡਾ ਜ਼ਿਲ੍ਹੇ ਮਹਿਲਾ ਆਗੂ ਪਰਮਜੀਤ ਕੌਰ ਪਿੱਥੋ, ਮਾਨਸਾ ਜ਼ਿਲ੍ਹੇ ਤੋਂ ਕਰਮਜੀਤ ਕੌਰ ਖੁਡਾਲ ਤੇ ਕੁਲਜੀਤ ਕੌਰ ਜਗਲਾਨ ਨੇ ਕਿਹਾ ਕਿ ਖੇਤੀ ਕਾਨੂੰਨ ਲੋਕਾਂ ਨੂੰ ਗਰੀਬੀ ਰੇਖਾ ਵੱਲ ਧੱਕਣਗੇ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹਰਿਆਣਾ ਦੇ ਕਰਨਾਲ ਵਿੱਚ ਹੋਏ ਲਾਠੀਚਾਰਜ ਦੌਰਾਨ ਕੈਪਟਨ ਅਮਰਿੰਦਰ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਅਸਤੀਫ਼ੇ ਦੀ ਮੰਗ ਕਰਦਾ ਹੈ ਅਤੇ ਦੂਜੇ ਪਾਸੇ ਪੰਜਾਬ ਵਿੱਚ ਕਿਸਾਨਾਂ ’ਤੇ ਖੁਦ ਲਾਠੀਚਾਰਜ ਕਰਵਾ ਰਿਹਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਵੀ ਕਿਹਾ ਕਿ ਖੇਤੀ ਬਿੱਲਾਂ ’ਤੇ ਦਸਤਖ਼ਤ ਅਤੇ ਆਪਣੇ ਰਾਜ ਦੌਰਾਨ ਲੋਕਾਂ ਦੇ ਕੀਤੇ ਧੱਕੇ ਦਾ ਖ਼ਿਲਾਫ਼ ਲੋਕਾਂ ਦੇ ਉੱਠ ਰਹੇ ਗੁੱਸੇ ਨੂੰ ਬਰਦਾਸ਼ਤ ਕੀਤਾ ਜਾਵੇ।
ਕਿਸਾਨਾਂ ਨੂੰ ਨੋਟਿਸ ਭੇਜਣ ਦਾ ਵਿਰੋਧ
ਚੰਡੀਗੜ੍ਹ (ਦਵਿੰਦਰ ਪਾਲ): ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੂੰ 26 ਜਨਵਰੀ ਦੀਆਂ ਘਟਨਾਵਾਂ ਨਾਲ ਜੋੜ ਕੇ ਦਿੱਲੀ ਪੁਲੀਸ ਵੱਲੋਂ ਨੋਟਿਸ ਭੇਜਣ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਬੁਲਾਰਿਆਂ ਨੇ ਸੂਬੇ ’ਚ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਸੰਘਰਸ਼ੀ ਅਖਾੜਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਤੋਂ ਰਿਪੋਰਟਾਂ ਆ ਰਹੀਆਂ ਹਨ ਕਿ ਦਿੱਲੀ ਪੁਲੀਸ ਵੱਲੋਂ ਦਫਾ 160 ਸੀਆਰਪੀਸੀ ਤਹਿਤ ਪੰਜਾਬ ਦੇ ਕਿਸਾਨਾਂ ਨੂੰ 26 ਜਨਵਰੀ ਦੀ ਘਟਨਾ ਸਮੇਂ ਦਰਜ ਕੀਤੇ ਕੇਸਾਂ ਦੀ ਤਫਤੀਸ਼ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਇਹ ਗੈਰ-ਸੰਵਧਾਨਿਕ ਅਤੇ ਗੈਰਕਾਨੂੰਨੀ ਕਾਰਵਾਈ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਕਰ ਰਹੀ ਹੈ। ਨੋਟਿਸਾਂ ਵਾਲੇ ਕਿਸਾਨਾਂ ਦੇ ਨਾਮ ਨਾ ਤਾਂ ਕਿਸੇ ਐੱਫਆਈਆਰ ਵਿੱਚ ਦਰਜ ਹਨ ਅਤੇ ਨਾ ਹੀ ਉਹ ਕਿਸੇ ਐਕਸ਼ਨ ਵਿੱਚ ਸ਼ਾਮਲ ਹੋਏ ਸੀ।