ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਕਤੂਬਰ
ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਹੁਣ ਨਵਾਂ ਪੇਚ ਫਸ ਗਿਆ ਹੈ। ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ ’ਤੇ ਸਵਾਲ ਖੜ੍ਹੇ ਕਰਦਿਆਂ ਫਾਈਲ ਸਰਕਾਰ ਨੂੰ ਵਾਪਸ ਭੇਜ ਦਿੱਤੀ ਹੈ। ਸੂਤਰਾਂ ਅਨੁਸਾਰ ਰਾਜਪਾਲ ਨੇ ਸਰਕਾਰ ਨੂੰ ਇਸ ਵੱਕਾਰੀ ਨਿਯੁਕਤੀ ਲਈ ਤਿੰਨ ਹਸਤੀਆਂ ਦੇ ਨਾਮ ’ਤੇ ਅਧਾਰਿਤ ਪੈਨਲ ਭੇਜਣ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਵਿਚੋਂ ਇੱਕ ਦੀ ਚੋਣ ਕਰਕੇ ਨਿਯੁਕਤੀ ਕੀਤੀ ਜਾ ਸਕੇ। ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਦਿਲ ਦੇ ਰੋਗਾਂ ਦੇ ਡਾਕਟਰ ਗੁਰਪ੍ਰੀਤ ਸਿੰਘ ਵਾਂਦਰ ਦੇ ਨਾਮ ਨੂੰ ਪ੍ਰਵਾਨਗੀ ਦੇਣ ਅਤੇ ਇਸ ਨਿਯੁਕਤੀ ਲਈ ਫਾਈਲ ਰਾਜਪਾਲ ਨੂੰ ਭੇਜੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਨਿਯੁਕਤੀ ਦਾ ਐਲਾਨ ਕੀਤਾ ਸੀ।