ਮਨਧੀਰ ਦਿਓਲ
ਨਵੀਂ ਦਿੱਲੀ, 26 ਨਵੰਬਰ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ ‘ਤੇ ਪਾਰਟੀ ਵਰਕਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ 11 ਸਾਲਾਂ ਦੇ ਅੰਦਰ ਰਾਸ਼ਟਰੀ ਪਾਰਟੀ ਬਣਨ ਦੇ ਆਪਣੇ ਸਫ਼ਰ ਨੂੰ ਯਾਦ ਕੀਤਾ। ਦਿੱਲੀ ਦੇ ਮੁੱਖ ਮੰਤਰੀ ਨੇ ਹਿੰਦੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਸਾਲ 2012 ਵਿੱਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਉੱਠ ਕੇ ਆਪਣੀ ਪਾਰਟੀ ‘ਆਮ ਆਦਮੀ ਪਾਰਟੀ’ ਦੀ ਸਥਾਪਨਾ ਕੀਤੀ। ਉਸ ਸਮੇਂ ਤੋਂ ਲੈ ਕੇ ਅੱਜ ਤੱਕ, ਇਨ੍ਹਾਂ 11 ਸਾਲਾਂ ਵਿੱਚ ਬਹੁਤ ਸਾਰੇ ਉਤਰਾਅ-ਚੜ੍ਹਾਅ ਅਤੇ ਬਹੁਤ ਸਾਰੀਆਂ ਮੁਸ਼ਕਲਾਂ ਆਈਆਂ, ਪਰ ਸਾਡੇ ਸਾਰਿਆਂ ਦੇ ਜਜ਼ਬੇ ਅਤੇ ਜਨੂੰਨ ਵਿੱਚ ਕੋਈ ਕਮੀ ਨਹੀਂ ਆਈ।” ਆਮ ਆਦਮੀ ਪਾਰਟੀ ਇਸ ਸਮੇਂ ਦਿੱਲੀ ਅਤੇ ਪੰਜਾਬ ਵਿੱਚ ਸੱਤਾ ਵਿੱਚ ਹੈ ਅਤੇ ਕਈ ਹੋਰ ਰਾਜਾਂ ਵਿੱਚ ਆਪਣਾ ਆਧਾਰ ਫੈਲਾਉਣ ਲਈ ਯਤਨਸ਼ੀਲ ਹੈ।