ਨਵੀਂ ਦਿੱਲੀ, 5 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਭਾਰਤ ਦੇ ਦ੍ਰਿਸ਼ਟੀਕੋਣ ਪ੍ਰਤੀ ਫਿਲਪੀਨਜ਼ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਸ ਦੌਰਾਨ ਮੋਦੀ ਨੇ ਮਾਰਕੋਸ ਜੂਨੀਅਰ ਨੂੰ ਫਿਲਪੀਨਜ਼ ਦੇ ਵਿਕਾਸ ਦੀਆਂ ਯੋਜਨਾਵਾਂ ਅਤੇ ਪ੍ਰਾਜੈਕਟਾਂ ਵਿੱਚ ‘ਪੂਰਨ ਸਮਰਥਨ’ ਦੇਣ ਦਾ ਭਰੋਸਾ ਦਿੱਤਾ। ਮੋਦੀ ਨੇ ਟਵੀਟ ਕੀਤਾ, ‘‘ਅੱਜ ਫਿਲਪੀਨਜ਼ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰਕੇ ਖ਼ੁਸ਼ੀ ਹੋਈ। ਮੈਂ ਰਾਸ਼ਟਰਪਤੀ ਵਜੋਂ ਸਫ਼ਲ ਕਾਰਜਕਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਮੈਂ ਭਾਰਤ-ਫਿਲਪੀਨਜ਼ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਬਣਾਈ ਰੱਖਣ ਵਾਸਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਾਂ।’’ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਫਿਲਪੀਨਜ਼ ਦੇ 17ਵੇਂ ਰਾਸ਼ਟਰਪਤੀ ਚੁਣੇ ਜਾਣ ’ਤੇ ਮਾਰਕੋਸ ਜੂਨੀਅਰ ਨੂੰ ਵਧਾਈ ਵੀ ਦਿੱਤੀ। -ਪੀਟੀਆਈ