ਨਵੀਂ ਦਿੱਲੀ, 25 ਜੂਨ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਹੈ ਕਿ ਹਸਪਤਾਲ ਵਿੱਚ ਭਰਤੀ ਹੋਣ ਬਾਅਦ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਖ਼ਤਮ ਹੋ ਗਈ ਹੈ। ਵਰਨਣਯੋਗ ਹੈ ਕਿ ਕੌਮੀ ਰਾਜਧਾਨੀ ਲਈ ਪਾਣੀ ਛੱਡਣ ਦੀ ਮੰਗ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੀ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਅੱਜ ਸਵੇਰੇ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਆਪ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਰਾਹੀਂ ਕਿਹਾ ਕਿ ਮੰਤਰੀ ਨੂੰ ਲੋਕ ਨਾਇਕ ਜੈਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਦੇ ਐਮਰਜੰਸੀ ਆਈਸੀਯੂ (ਇੰਟੈਂਸਿਵ ਕੇਅਰ ਯੂਨਿਟ) ਵਿੱਚ ਦਾਖਲ ਕਰਵਾਇਆ ਗਿਆ ਹੈ। ਪਾਰਟੀ ਨੇ ਕਿਹਾ, ‘ਜਲ ਸਰੋਤ ਮੰਤਰੀ ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਅੱਧੀ ਰਾਤ ਨੂੰ ਉਨ੍ਹਾਂ ਦਾ ਸ਼ੂਗਰ ਲੈਵਲ 43 ਅਤੇ ਤੜਕੇ 3 ਵਜੇ 36 ’ਤੇ ਆ ਗਿਆ, ਜਿਸ ਤੋਂ ਬਾਅਦ ਐੱਲਐੱਨਜੇਪੀ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਹੋਣ ਦੀ ਸਲਾਹ ਦਿੱਤੀ,ਉਨ੍ਹਾਂ ਨੇ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾਧਾ ਹੈ।’