ਵਾਸ਼ਿੰਗਟਨ, 3 ਜੂਨ
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਭਾਰਤ ਵਿੱਚ ਲੋਕਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਉੱਤੇ ਹਮਲੇ ਵੱਧ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਮਰੀਕਾ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਚੀਨ ਸਮੇਤ ਹੋਰ ਏਸ਼ੀਆਈ ਦੇਸ਼ਾਂ ‘ਚ ਵੀ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਬਲਿੰਕਨ ਨੇ ਸਾਲਾਨਾ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਰਿਪੋਰਟ ਜਾਰੀ ਕਰਨ ਦੌਰਾਨ ਪੱਤਰਕਾਰਾਂ ਨੂੰ ਕਿਹਾ, ਅਮਰੀਕਾ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕਰਨਾ ਜਾਰੀ ਰੱਖੇਗਾ। ਅਸੀਂ ਅਜਿਹਾ ਕਰਨ ਲਈ ਹੋਰ ਸਰਕਾਰਾਂ, ਬਹੁ-ਪੱਖੀ ਸੰਸਥਾਵਾਂ ਅਤੇ ਨਾਗਰਿਕਾਂ ਨਾਲ ਕੰਮ ਕਰਨਾ ਜਾਰੀ ਰੱਖਾਂਗੇ। ਸਾਡਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਰੇ ਲੋਕਾਂ ਨੂੰ ਅਧਿਆਤਮਿਕ ਪਰੰਪਰਾ ਦੀ ਪਾਲਣਾ ਕਰਨ ਦੀ ਆਜ਼ਾਦੀ ਹੋਵੇ ਜੋ ਉਨ੍ਹਾਂ ਲਈ ਮਹੱਤਵਪੂਰਨ ਹੈ।ਇਸ ਦੇ ਨਾਲ ਹੀ ਬਲਿੰਕਨ ਨੇ ਕਿਹਾ ਕਿ ਇਹ ਰਿਪੋਰਟ ਦੱਸਦੀ ਹੈ ਕਿ ਦੁਨੀਆ ਭਰ ਵਿੱਚ ਧਾਰਮਿਕ ਆਜ਼ਾਦੀ ਅਤੇ ਘੱਟ ਗਿਣਤੀਆਂ ਦੇ ਅਧਿਕਾਰ ਕਿਸ ਤਰ੍ਹਾਂ ਖਤਰੇ ਵਿੱਚ ਹਨ। ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਮਿਸਾਲ ਵਜੋਂ ਭਾਰਤ, ਜੋ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਜਿੱਥੇ ਕਈ ਧਰਮਾਂ ਦੇ ਲੋਕ ਰਹਿੰਦੇ ਹਨ, ਉਥੇ ਲੋਕਾਂ ਅਤੇ ਧਾਰਮਿਕ ਸਥਾਨਾਂ ‘ਤੇ ਵਧਦੇ ਹਮਲੇ ਹੋ ਰਹੇ ਹਨ।