ਲਖ਼ਨਊ, 20 ਜੁਲਾਈ
ਬਾਬਰੀ ਮਸਜਿਦ ਕੇਸ ਵਿਚ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ 24 ਜੁਲਾਈ ਨੂੰ ਆਪਣੇ ਬਿਆਨ ਦਰਜ ਕਰਵਾਉਣਗੇ। ਵਿਸ਼ੇਸ਼ ਸੀਬੀਆਈ ਅਦਾਲਤ ਨੇ 92 ਸਾਲਾ ਭਾਜਪਾ ਆਗੂ ਨੂੰ ਸੀਆਰਪੀਸੀ ਦੀ ਧਾਰਾ 313 ਤਹਿਤ ਵੀਡੀਓ ਕਾਨਫਰੰਸਿੰਗ ਜ਼ਰੀਏ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਵਿਸ਼ੇਸ਼ ਜੱਜ ਐੱਸ.ਕੇ. ਯਾਦਵ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਇਕ ਹੋਰ ਸੀਨੀਅਰ ਭਾਜਪਾ ਆਗੂ ਮੁਰਲੀ ਮਨੋਹਰ ਜੋਸ਼ੀ 23 ਜੁਲਾਈ ਨੂੰ ਬਿਆਨ ਕਲਮਬੰਦ ਕਰਵਾਉਣਗੇ। ਇਨ੍ਹਾਂ ਤੋਂ ਇਲਾਵਾ 22 ਜੁਲਾਈ ਨੂੰ ਸ਼ਿਵ ਸੈਨਾ ਦੇ ਸਾਬਕਾ ਸੰਸਦ ਮੈਂਬਰ ਸਤੀਸ਼ ਪ੍ਰਧਾਨ ਵੱਲੋਂ ਬਿਆਨ ਦਰਜ ਕਰਵਾਏ ਜਾਣਗੇ। ਅਦਾਲਤ ਨੇ ਅੱਜ ਮੁਲਜ਼ਮ ਸੁਧੀਰ ਕੱਕੜ ਦੇ ਬਿਆਨ ਲਏ। ਕੱਕੜ ਨੇ ਦਾਅਵਾ ਕੀਤਾ ਕਿ ਉਹ ਨਿਰਦੋਸ਼ ਹੈ ਤੇ ਉਸ ਨੂੰ ਕਾਂਗਰਸ ਦੀ ਅਗਵਾਈ ਵਾਲੀ ਤਤਕਾਲੀ ਸਰਕਾਰ ਨੇ ਸਿਆਸੀ ਲਾਭ ਲਈ ਝੂਠਾ ਫਸਾਇਆ ਸੀ। -ਪੀਟੀਆਈ