ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪਿਛਲੇ ਮਹੀਨੇ ਕੀਤੇ ਪ੍ਰਦਰਸ਼ਨ ਤੇ ਭੰਨਤੋੜ ਮਾਮਲੇ ਵਿੱਚ ਗ੍ਰਿਫ਼ਤਾਰ ਅੱਠ ਵਿਅਕਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਮੁਲਜ਼ਮਾਂ ਨੂੰ ਦੋਸ਼ਾਂ ਦੀ ਤਫ਼ਤੀਸ਼ ਲਈ ਨਿਆਂਇਕ ਹਿਰਾਸਤ ਵਿੱਚ ਰੱਖਣ ਦੀ ਕੋਈ ਲੋੜ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਮੁਲਜ਼ਮ ਪਿਛਲੇ 14 ਦਿਨਾਂ ਤੋਂ ਹਿਰਾਸਤ ਵਿੱਚ ਹਨ ਤੇ ਉਨ੍ਹਾਂ ਉੱਤੇ ਅੱਗਜ਼ਨੀ ਜਾਂ ਫਿਰ ਕਿਸੇ ਹੋਰ ਤਰੀਕੇ ਨਾਲ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਦੋਸ਼ ਨਹੀਂ ਹੈ ਤੇ ਉਨ੍ਹਾਂ ਵੱਲੋਂ ਸਬੂਤਾਂ ਨਾਲ ਛੇੜਛਾੜ ਜਾਂ ਗਵਾਹਾਂ ਨੂੰ ਧਮਕਾਉਣ ਦੀ ਵੀ ਕੋਈ ਸੰਭਾਵਨਾ ਨਹੀਂ ਹੈ। ਜਸਟਿਸ ਆਸ਼ਾ ਮੈਨਨ ਨੇ ਕਿਹਾ ਕਿ ਜਿਨ੍ਹਾਂ ਹੋਰਾਂ ਦੀ ਤਸਵੀਰ ਰਾਹੀਂ ਸ਼ਨਾਖਤ ਕੀਤੀ ਗਈ ਹੈ ਉਨ੍ਹਾਂ ਨੂੰ ਸੀਆਰਪੀਸੀ ਦੀ ਧਾਰਾ 41ਏ ਤਹਿਤ ਨੋਟਿਸ ਜਾਰੀ ਕੀਤੇ ਹੋਏ ਹਨ ਤੇ ਉਹ ਜਾਂਚ ਵਿੱਚ ਵੀ ਸ਼ਾਮਲ ਹੋ ਰਹੇ ਹਨ। ਕੋਰਟ ਨੇ ਮੁਲਜ਼ਮਾਂ ਨੂੰ 35-35 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ਤੇ ਜ਼ਾਮਨੀ ’ਤੇ ਜ਼ਮਾਨਤ ਦੇ ਦਿੱਤੀ। ਕੋਰਟ ਨੇ ਮੁਲਜ਼ਮਾਂ ਨੂੰ ਬਿਨਾਂ ਜਾਣਕਾਰੀ ਦਿੱਲੀ ਛੱਡਣ ਤੋਂ ਵੀ ਵਰਜਿਆ ਹੈ। -ਪੀਟੀਆਈ