ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਸਤੰਬਰ
ਸਰਦੀਆਂ ਦੇ ਮੌਸਮ ਦੌਰਾਨ ਹਵਾ ਪ੍ਰਦੂਸ਼ਣ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਦਿੱਲੀ ਵਿੱਚ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲਿਵਰੀ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਹ ਪਾਬੰਦੀ 1 ਜਨਵਰੀ 2025 ਤੱਕ ਲਾਗੂ ਰਹੇਗੀ।
ਉਨ੍ਹਾਂ ਕਿਹਾ ਕਿ ਨਾਲ ਹੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲੀਸ, ਡੀਪੀਸੀਸੀ ਅਤੇ ਮਾਲ ਵਿਭਾਗ ਨਾਲ ਇੱਕ ਸਾਂਝੀ ਕਾਰਜ ਯੋਜਨਾ ਬਣਾਈ ਜਾਵੇਗੀ। ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਵਧਣ ਦਾ ਖਤਰਾ ਹੈ। ਪਿਛਲੇ ਸਾਲ ਵਾਂਗ ਇਸ ਵਾਰ ਵੀ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੀ ਆਨਲਾਈਨ ਡਿਲਿਵਰੀ ਜਾਂ ਵਿਕਰੀ ’ਤੇ ਪੂਰਨ ਪਾਬੰਦੀ ਹੋਵੇਗੀ। ਪਟਾਕਿਆਂ ਸਬੰਧੀ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਭੰਬਲਭੂਸੇ ਤੋਂ ਬਚਣ ਲਈ ਇਹ ਪਾਬੰਦੀ ਹਰ ਤਰ੍ਹਾਂ ਦੇ ਪਟਾਕਿਆਂ ਲਈ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨਹੀਂ ਚਾਹੁੰਦੀ ਕਿ ਵਪਾਰੀਆਂ ਅਤੇ ਡੀਲਰਾਂ ਨੂੰ ਕਿਸੇ ਕਿਸਮ ਦਾ ਆਰਥਿਕ ਨੁਕਸਾਨ ਹੋਵੇ। ਅਜਿਹੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਸਮੇਂ ਸਿਰ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਾਤਾਵਰਨ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਬਹੁਤ ਗੰਭੀਰ ਹੈ। ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਰਕਾਰ 21 ਫੋਕਸ ਪੁਆਇੰਟਾਂ ’ਤੇ ਆਧਾਰਿਤ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰ ਰਹੀ ਹੈ।
ਉਨ੍ਹਾਂ ਦਿੱਲੀ ਵਾਸੀਆਂ ਨੂੰ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਜੇ ਦਿੱਲੀ ਦਾ ਹਰ ਨਾਗਰਿਕ ਪ੍ਰਦੂਸ਼ਣ ਯੋਧਾ ਬਣ ਕੇ ਵਾਤਾਵਰਨ ਨੂੰ ਬਚਾਉਣ ਦਾ ਅਹਿਦ ਲੈ ਲਵੇ ਤਾਂ ਅਸੀਂ ਲੋਕਾਂ ਨੂੰ ਪ੍ਰਦੂਸ਼ਣ ਕਾਰਨ ਸਾਹ ਲੈਣ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਅ ਸਕਾਂਗੇ। ਉਨ੍ਹਾਂ ਕੌਮੀ ਰਾਜਧਾਨੀ ਦੇ ਸਾਰੇ ਵਾਸੀਆਂ ਤੋਂ ਸਹਿਯੋਗ ਮੰਗਿਆ।