ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਮਾਰਚ
ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਵਿਦਿਆਰਥੀਆਂ, ਨੌਜਵਾਨਾਂ ਅਤੇ ਬੁੱਧੀਜੀਵੀਆਂ ਦੇ ਫੋਰਮ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀ ਕਰਕੇ ਭਾਜਪਾ ਨੂੰ ਵੋਟਾਂ ਨਾ ਪਾਉਣ ਦਾ ਸੱਦਾ ਦਿੱਤਾ ਗਿਆ। ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਸੁਰੇਸ਼ ਕੈਂਥ, ਹਰਨੇਕ ਸਿੰਘ ਮਹਿਮਾ, ਮਨਜੀਤ ਸਿੰਘ ਰਾਏ, ਗੁਰਅਮਨੀਤ ਸਿੰਘ ਮਾਂਗਟ, ਰਜਿੰਦਰ ਸਿੰਘ ਰਾਜੂ, ਅਭਿਮੰਨਿਊ ਕੋਹਾੜ, ਬੰਗਾਲ ਤੋਂ ਕੁਸ਼ਲ ਦੇਵ ਨਾਥ, ਸਰਨਿਸ਼ਠਾ ਚੌਧਰੀ, ਅਨਿਕੇਤ ਚਟੋਪਾਧਿਆਏ, ਸਮੀਰਉਲ ਇਸਲਾਮ ਅਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਐੱਮਐੱਸਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਤਿਲੰਗਾਨਾ ਅਤੇ ਹੋਰ ਕਈ ਸੂਬਿਆ ਵਿੱਚ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ 300 ਤੋਂ ਵੀ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ’ਤੇ ਕੋਈ ਅਸਰ ਨਹੀਂ ਹੋ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਹੁਣ ਵੇਲਾ ਆ ਗਿਆ ਹੈ ਕਿ ਭਾਜਪਾ ਨੂੰ ਚੋਣਾਂ ’ਚ ਮਾਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੱਛਮੀ ਬੰਗਾਲ ਨੇ ਇਤਿਹਾਸ ਵਿੱਚ ਪਹਿਲਾਂ ਵੀ ਅੰਗਰੇਜ਼ੀ ਸਾਮਰਾਜ ਖ਼ਿਲਾਫ਼ ਮਹੱਤਵਪੂਰਨ ਭੂਮਿਕਾ ਨਿਭਾਈ ਸੀ ਅਤੇ ਹੁਣ ਫਿਰ ਪੱਛਮੀ ਬੰਗਾਲ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਪਹਿਲਾਂ ਵਾਂਗ ਪੰਜਾਬ ਨਾਲ ਮਿਲ ਕੇ ਇਸ ਇਤਿਹਾਸਕ ਲੜਾਈ ਵਿੱਚ ਆਪਣਾ ਯੋਗਦਾਨ ਪਾਉਣ।