ਜਗਤਾਰ ਸਮਾਲਸਰ
ਏਲਨਾਬਾਦ, 16 ਫਰਵਰੀ
ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ 16 ਫਰਵਰੀ ਦੇ ਭਾਰਤ ਬੰਦ ਨੂੰ ਏਲਨਾਬਾਦ ਵਿੱਚ ਪੂਰਾ ਸਮਰਥਨ ਮਿਲਿਆ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਸ਼ਹਿਰ ਦੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਸ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਿਸ ‘ਤੇ ਦੁਕਾਨਦਾਰਾਂ ਨੇ ਦੁਪਹਿਰ ਤੱਕ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦਾ ਸਮਰਥਨ ਕੀਤਾ । ਇਸ ਮੌਕੇ ਕਾਮਰੇਡ ਸਰਬਜੀਤ ਸਿੰਘ ਸਿੱਧੂ, ਜਰਨੈਲ ਸਿੰਘ ਬਰਾੜ, ਸੁਰਜੀਤ ਸਿੰਘ, ਜਗਦੇਵ ਸਿੰਘ ਬਰਾੜ, ਪਰਸਨ ਸਿੰਘ ਖੋਸਾ, ਸੁਖਵਿੰਦਰ ਸਿੰਘ ਸਾਮਾ, ਰਾਜੂ ਰੋਮਾਣਾ ਆਦਿ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਗਾਰੰਟੀ ਕ਼ਾਨੂਨ ਬਣਾਵੇ, ਬਿਜਲੀ ਬਿੱਲ ਐਕਟ 2022 ਵਾਪਸ ਲਿਆ ਜਾਵੇ, ਮਨਰੇਗਾ ਤਹਿਤ 200 ਦਿਨਾਂ ਦਾ ਕੰਮ ਅਤੇ 600 ਰੁਪਏ ਦਿਹਾੜੀ ਦਿੱਤਾ ਜਾਵੇ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਹਿੱਟ ਐਂਡ ਰਨ ਕਾਨੂੰਨ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਈ ਮੰਗਾਂ ਹਨ ਜੋ ਸਰਕਾਰ ਕੋਲ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ ਪਰ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਇਸ ਬੰਦ ਦੌਰਾਨ ਮੈਡੀਕਲ, ਸਬਜ਼ੀ ਆਦਿ ਵੇਚਣ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ।