ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਜੁਲਾਈ
ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਆਗੂਆਂ ਨੂੰ ਕਿਹਾ ਹੈ ਉਹ ਕਿਸਾਨਾਂ ਦੇ ਕੇਂਦਰ ਸਰਕਾਰ ਖ਼ਿਲਾਫ਼ ਗੁੱਸੇ ’ਤੇ ਸ਼ਿਕਵਾ ਕਰਨ ਦੀ ਬਜਾਏ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਤਿੱਖੇ ਵਿਰੋਧ ਦੀ ਜੜ੍ਹ ਲੱਭਣ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ,‘‘ਪੰਜਾਬ ਵਿੱਚ ਭਾਜਪਾ ਦੇ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਉਨ੍ਹਾਂ ਖ਼ਿਲਾਫ਼ ਹਰ ਪਾਸੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਾਰ ਵਟਾਂਦਰੇ ਲਈ ਸਮਾਂ ਮੰਗਿਆ ਗਿਆ ਹੈ। ਭਾਜਪਾ ਤੇ ਹੋਰ ਸਹਿਯੋਗੀ ਪਾਰਟੀਆਂ ਦੇ ਆਗੂਆਂ ਨੂੰ ਇਸ ਰੋਹ ਤੇ ਨਿਰਾਸ਼ਾ ਦੇ ਪ੍ਰਗਟਾਵੇ ਦੀ ਸ਼ਿਕਾਇਤ ਕਰਨ ਦੀ ਬਜਾਏ ਕਿਸਾਨਾਂ ਦੇ ਗੁੱਸੇ ਦੀ ਜੜ੍ਹ ਨੂੰ ਸਮਝਣਾ ਚਾਹੀਦਾ ਹੈ। ਭਾਜਪਾ ਆਗੂਆਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਮੌਜੂਦਾ ਸੰਘਰਸ਼ ਕਿਸਾਨਾਂ ਲਈ ਜ਼ਿੰਦਗੀ ਅਤੇ ਮੌਤ ਦਾ ਸਵਾਲ ਹੈ।’’ ਇਕ ਹੋਰ ਕਿਸਾਨ ਆਗੂ ਯੁੱਧਵੀਰ ਸਿੰਘ ਨੇ ਕਿਹਾ ਕਿ ਉੱਤਰ ਪ੍ਰਦੇਸ਼ ’ਚ ਜ਼ਿਲ੍ਹਾ ਪੰਚਾਇਤ ਪ੍ਰਧਾਨ ਦੀਆਂ ਚੋਣਾਂ ’ਚ ਜਿੱਤ ਕਾਰਨ ਭਾਜਪਾ ਹਵਾ ਵਿੱਚ ਉੱਡ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗੀ ਅਦਿੱਤਿਆਨਾਥ ਆਖ ਰਹੇ ਹਨ ਕਿ ਭਾਜਪਾ ਉਨ੍ਹਾਂ ਜ਼ਿਲ੍ਹਿਆਂ ਵਿੱਚ ਜਿੱਤੀ, ਜਿਥੇ ਕਿਸਾਨ ਅੰਦੋਲਨ ਦੀਆਂ ਮੁੱਖ ਜੜ੍ਹਾਂ ਹਨ ਪਰ ਉਹ ਭੁੱਲ ਰਹੇ ਹਨ ਕਿ ਜਦੋਂ ਪੰਚਾਇਤ ਚੋਣਾਂ ਹੋਈਆਂ ਸਨ ਤਾਂ 3050 ਸੀਟਾਂ ਵਿਚੋਂ ਸਿਰਫ 765 ਸੀਟਾਂ ਭਾਜਪਾ ਸਮਰਥਿਤ ਉਮੀਦਵਾਰਾਂ ਨੂੰ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਤਾਜ਼ਾ ਨਤੀਜੇ ਦਬਾਅ, ਡਰਾ ਕੇ ਅਤੇ ਧੋਖਾਧੜੀ ਨਾਲ ਤਿਆਰ ਕੀਤੇ ਗਏ ਹਨ। ਮੋਰਚੇ ਦੇ ਆਗੂਆਂ ਨੇ ਵਿਰੋਧੀ ਪਾਰਟੀਆਂ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਕਿਹਾ ਤਾਂ ਜੋ ਸਰਕਾਰ ਮੰਗਾਂ ਪੂਰੀਆਂ ਕਰਨ ਲਈ ਦਬਾਅ ਹੇਠ ਆਵੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੰਸਦ ’ਚ ਸਿਰਫ਼ ਹੰਗਾਮਾ ਜਾਂ ਵਾਕਆਊਟ ਨਾ ਕਰੇ ਸਗੋਂ ਉਸਾਰੂ ਢੰਗ ਨਾਲ ਵਿਰੋਧ ਦਰਜ ਕਰਾਵੇ। ਉਧਰ ਕਿਸਾਨ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਦੌਰਾਨ 8 ਜੁਲਾਈ ਨੂੰ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।