ਨਵੀਂ ਦਿੱਲੀ, 21 ਦਸੰਬਰ
ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਨੂੰ ਹਜੂਮੀ ਹਿੰਸਾ ਦਾ ਪਿਤਾ ਕਰਾਰ ਦਿੱਤਾ ਤੇ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁੱਕਿਆ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੰਜਾਬ ਤੇ ਦੇਸ਼ ਦੀਆਂ ਕੁਝ ਹੋਰਨਾਂ ਥਾਵਾਂ ’ਤੇ ਵਾਪਰੀਆਂ ਹਜੂਮੀ ਹਿੰਸਾ ਦੀਆਂ ਘਟਨਾਵਾਂ ਦੌਰਾਨ ਅੱਜ ਦੋਸ਼ ਲਾਇਆ ਸੀ ਕਿ ਸਾਲ 2014 ’ਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਬਣਨ ਤੋਂ ਪਹਿਲਾ ‘ਹਜੂਮੀ ਹਿੰਸਾ’ ਸ਼ਬਦ ਸੁਣਨ ਨੂੰ ਵੀ ਨਹੀਂ ਮਿਲਦਾ। ਕੇਂਦਰੀ ਮੰਤਰੀ ਅਸ਼ਵਨੀ ਚੌਬੇ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ’ਚ ਸੈਂਕੜਿਆਂ ਦੀ ਗਿਣਤੀ ’ਚ ਸਿੱਖਾਂ ਦਾ ਕਤਲ ਕੀਤਾ ਗਿਆ ਸੀ ਅਤੇ ਇਸ ਲਈ ਕਾਂਗਰਸ ਦੇ ਕੁਝ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਉਨ੍ਹਾਂ 1989 ਦੇ ਭਾਗਲਪੁਰ ਦੰਗਿਆਂ ਦਾ ਵੀ ਜ਼ਿਕਰ ਕੀਤਾ ਅਤੇ ਸਵਾਲ ਕੀਤਾ ਕਿ ਕੀ ਉਹ ਮਾਰ ਦੇਣ ਮਤਲਬ ਹਜੂਮੀ ਹਿੰਸਾ ਦੀ ਘਟਨਾ ਨਹੀਂ ਸੀ। ਉਨ੍ਹਾਂ ਕਿਹਾ, ‘ਭੀੜ ਵੱਲੋਂ ਟਾਇਰ ਸਾੜ ਕੇ ਸਿੱਖਾਂ ਦੇ ਗਲਾਂ ’ਚ ਪਾ ਕੇ ਉਨ੍ਹਾਂ ਦੀ ਹੱਤਿਆ ਕੀਤੀ ਗਈ ਸੀ। ਕੀ ਇਹ ਹਜੂਮੀ ਹਿੰਸਾ ਨਹੀਂ ਸੀ।’ ਭਾਜਪਾ ਦੇ ਆਈਟੀ ਵਿਭਾਗ ਦੇ ਮੁਖੀ ਅਮਿਤ ਮਾਲਵੀਅ ਨੇ ਟਵੀਟ ਕੀਤਾ, ‘ਮਿਲੋ ਰਾਜੀਵ ਗਾਂਧੀ ਨੂੰ ਹਜੂਮੀ ਹਿੰਸਾ ਦੇ ਪਿਤਾ, ਸਿੱਖਾਂ ਦੇ ਕਤਲੇਆਮ ਨੂੰ ਜਾਇਜ਼ ਠਹਿਰਾ ਰਹੇ ਹਨ।’ -ਪੀਟੀਆਈ