ਮੁੱਖ ਅੰਸ਼
- ਕੌਮੀ ਕਾਰਜਕਾਰਨੀ ਦੀ ਮੀਟਿੰਗ ’ਚ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਆਪਣੀਆਂ ਚੋਣ ਤਿਆਰੀਆਂ ਬਾਰੇ ਪੇਸ਼ ਕੀਤੀ ਰਿਪੋਰਟ
- ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ: ਨੱਢਾ
ਨਵੀਂ ਦਿੱਲੀ, 7 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਪਾਰਟੀ ਤੇ ਆਮ ਲੋਕਾਂ ਦਰਮਿਆਨ ਵਿਸ਼ਵਾਸ ਦਾ ਪੁਲ ਬਣਨ। ਉਨ੍ਹਾਂ ਭਰੋਸਾ ਜਤਾਇਆ ਕਿ ਭਾਜਪਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦਾ ਵਿਸ਼ਵਾਸ ਜ਼ਰੂਰ ਜਿੱਤੇਗੀ। ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਪਾਰਟੀ ‘ਸੇਵਾ, ਸੰਕਲਪ ਤੇ ਸਮਰਪਣ ਦੀਆਂ ਕਦਰਾਂ-ਕੀਮਤਾਂ ਉਤੇ ਚੱਲਦੀ ਹੈ।’ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੇ ਪ੍ਰਧਾਨ ਮੰਤਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਭਾਜਪਾ ਇਕ ਪਰਿਵਾਰ ਦੁਆਲੇ ਨਹੀਂ ਘੁੰਮਦੀ’। ਯਾਦਵ ਨੇ ਮੀਡੀਆ ਨੂੰ ਦੱਸਿਆ ਕਿ ਚੋਣਾਂ ਵਾਲੇ ਸੂਬਿਆਂ- ਯੂਪੀ, ਉੱਤਰਾਖੰਡ, ਗੋਆ ਤੇ ਮਨੀਪੁਰ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਦੌਰਾਨ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਆਪਣੇ ਵੱਲੋਂ ਜਾਣਕਾਰੀ ਤੇ ਤਿਆਰੀ ਸਾਂਝੀ ਕੀਤੀ ਹੈ। ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਰਕਰਾਂ ਨੂੰ ਪਾਰਟੀ ਦੇ ਇਤਿਹਾਸ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਉਨ੍ਹਾਂ ਮੁੱਦਿਆਂ ਨਾਲ ਨੇੜਿਓਂ ਜੁੜੀ ਹੈ ਜੋ ਦੇਸ਼ ਦੇ ਆਮ ਆਦਮੀ ਨੂੰ ਪ੍ਰਭਾਵਿਤ ਕਰਦੇ ਹਨ।
ਮੋਦੀ ਨੇ ਕਿਹਾ ਕਿ ਪਾਰਟੀ ਨੇ ਕੋਵਿਡ ਮਹਾਮਾਰੀ ਦੌਰਾਨ ਲੋਕਾਂ ਦੀ ਸੇਵਾ ਉਤੇ ਧਿਆਨ ਕੇਂਦਰਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਰਟੀ ਹੁਣ ਉਨ੍ਹਾਂ ਮੁੱਦਿਆਂ ਵੱਲ ਵੱਧ ਰਹੀ ਹੈ ਜੋ ਲੋਕਾਂ ਦੇ ਨੇੜੇ ਹਨ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਤਿਲੰਗਾਨਾ ਵਿਚ ਭਾਜਪਾ ਜਿੱਤੀ ਹੈ, ਏਲਨਾਬਾਦ ਵਿਚ ਪਾਰਟੀ ਦੀ ਕਾਰਗੁਜ਼ਾਰੀ ਸੁਧਰੀ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਵਿਚ ਵੋਟ ਸ਼ੇਅਰ ਵਧਿਆ ਹੈ। ਪੰਜਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਸੁਰ ਤੈਅ ਕਰਦਿਆਂ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਬਿਹਤਰੀਨ ਪ੍ਰਦਰਸ਼ਨ ਅਜੇ ਬਾਕੀ ਹੈ। ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਮੀਟਿੰਗ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਮਹਾਮਾਰੀ ਖ਼ਿਲਾਫ਼ ਯੋਗ ਅਗਵਾਈ ਤੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਪ੍ਰਧਾਨ ਨੇ ਨੱਢਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇ ਰਾਜਨੀਤੀ ਸ਼ਾਸਤਰ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਪੱਛਮੀ ਬੰਗਾਲ ਵਿਚ ਵੀ ਭਾਜਪਾ ਦਾ ਵੋਟ ਸ਼ੇਅਰ ਵਧਿਆ ਹੈ। ਨੱਢਾ ਨੇ ਕਿਹਾ ਕਿ ਪਾਰਟੀ 25 ਦਸੰਬਰ ਤੱਕ ਸਾਰੇ 10.40 ਲੱਖ ਚੋਣ ਕੇਂਦਰਾਂ ’ਤੇ ਬੂਥ ਪੱਧਰੀ ਕਮੇਟੀਆਂ ਦਾ ਗਠਨ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ‘ਪੰਨਾ ਕਮੇਟੀਆਂ’ ਵੀ ਹੋਣਗੀਆਂ ਜਿਸ ਦੇ ਘੇਰੇ ਵਿਚ ਛੇ ਅਪਰੈਲ ਤੱਕ ਵੋਟਰ ਸੂਚੀ ਦਾ ਹਰ ਪੇਜ ਹੋਵੇਗਾ। ਭਾਜਪਾ ਨੇ ਇਸ ਮੌਕੇ ਇਕ ਮਤਾ ਪਾਸ ਕਰ ਕੇ ਵਿਰੋਧੀ ਧਿਰ ਦੀ ‘ਮੌਕਾਪ੍ਰਸਤ’ ਸਿਆਸਤ ਦੀ ਨਿਖੇਧੀ ਕੀਤੀ। -ਪੀਟੀਆਈ
ਨੱਢਾ ਨੇ ਮੋਦੀ ਵੱਲੋਂ ਸਿੱਖਾਂ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕੀਤਾ
ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਸਿੱਖਾਂ ਨਾਲ ਰਾਬਤਾ ਕਰਦਿਆਂ ਮੋਦੀ ਸਰਕਾਰ ਵੱਲੋਂ ਭਾਈਚਾਰੇ ਲਈ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਗਲੇ ਵਰ੍ਹੇ ਚੋਣਾਂ ਹਨ। ਨੱਢਾ ਨੇ ਕਿਹਾ ਕਿ 1984 ਦੇ ਦੰਗਿਆਂ ਦੇ ਮੁਲਜ਼ਮਾਂ ਖ਼ਿਲਾਫ਼ ਕੇਸ ਤੇਜ਼ੀ ਨਾਲ ਚਲਾਏ ਜਾ ਰਹੇ ਹਨ, ਗੁਰਦੁਆਰਿਆਂ ਨੂੰ ਵਿਦੇਸ਼ੀ ਗਰਾਂਟ ਮਿਲਣੀ ਯਕੀਨੀ ਬਣਾਈ ਗਈ ਹੈ ਤੇ ਲੰਗਰ ਨੂੰ ਜੀਐੱਸਟੀ ਦੇ ਘੇਰੇ ਵਿਚੋਂ ਬਾਹਰ ਰੱਖਿਆ ਗਿਆ ਹੈ।
ਪੰਜਾਬ ’ਚ ਸਾਰੀਆਂ ਸੀਟਾਂ ’ਤੇ ਚੋਣ ਲੜਨ ਲਈ ਤਿਆਰੀ: ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਮੀਟਿੰਗ ਵਿਚ ਕਿਹਾ ਕਿ ਪਾਰਟੀ ਸੂਬੇ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੀ ਭਾਜਪਾ ਇਕਾਈ ਨੇ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਆਪਣੀ ਤਿਆਰੀ ਦੀ ਰਿਪੋਰਟ ਵੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਪੇਸ਼ ਕੀਤੀ।