ਨਵੀਂ ਦਿੱਲੀ:
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਭਾਰਤੀ ਜਨਤਾ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਪ੍ਰਬੰਧਨ ਦੀ ਨਾਕਾਮੀ ਕਾਰਨ ਦੇਸ਼ ਇੱਕ ਹੋਰ ਮਹਾਮਾਰੀ ‘ਬਲੈਕ ਫੰਗਸ’ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਟਵੀਟ ਕੀਤਾ, ‘ਮੋਦੀ ਸਰਕਾਰ ਦੀ ਨਾਕਾਮੀ ਕਾਰਨ ਸਿਰਫ਼ ਭਾਰਤ ਅਜਿਹਾ ਦੇਸ਼ ਹੈ ਜੋ ਕੋਵਿਡ-19 ਮਹਾਮਾਰੀ ਦੇ ਨਾਲ ਨਾਲ ਬਲੈਕ ਫੰਗਸ ਦੀ ਮਹਾਮਾਰੀ ਦਾ ਸਾਹਮਣਾ ਕਰ ਰਿਹਾ ਹੈ। ਇੱਥੇ ਟੀਕਿਆਂ ਦੇ ਨਾਲ ਨਾਲ ਦਵਾਈਆਂ ਦੀ ਵੀ ਘਾਟ ਹੈ। ਅਜਿਹੇ ਹਾਲਾਤ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਲੋਕਾਂ ਨੂੰ ਥਾਲੀਆਂ ਖੜਕਾਉਣ ਤੇ ਤਾੜੀਆਂ ਵਜਾਉਣ ਨੂੰ ਕਹਿਣਗੇ।’ ਰਾਹੁਲ ਗਾਂਧੀ ਦੀ ਇੱਕ ਟਿੱਪਣੀ ਬੀਤੇ ਦਿਨ ਪ੍ਰਧਾਨ ਮੰਤਰੀ ਵੱਲੋਂ ਕਰੋਨਾ ਕਾਰਨ ਮਰਨ ਵਾਲੇ ਲੋਕਾਂ ਨੂੰ ਭਾਵੁਕ ਸ਼ਰਧਾਂਜਲੀ ਦਿੱਤੇ ਜਾਣ ਮਗਰੋਂ ਕੀਤੀ ਗਈ ਹੈ। ਰਾਹੁਲ ਗਾਂਧੀ ਬੀਤੇ ਕਈ ਦਿਨਾਂ ਤੋਂ ਦੇਸ਼ ’ਚ ਟੀਕਿਆਂ ਤੇ ਦਵਾਈਆਂ ਦੀ ਘਾਟ ਦਾ ਮੁੱਦਾ ਚੁੱਕ ਰਹੇ ਹਨ।
-ਪੀਟੀਆਈ