ਲਖਨਊ, 2 ਜੁਲਾਈ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਂਝਾ ਸਿਵਲ ਕੋਡ (ਯੂ. ਸੀ. ਸੀ.) ਨੂੰ ਲਾਗੂ ਕਰਨ ਦੇ ਖ਼ਿਲਾਫ਼ ਨਹੀਂ ਹੈ ਪਰ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਦੇਸ਼ ਵਿਚ ਇਸ ਨੂੰ ਲਾਗੂ ਕਰਨ ਦੇ ਤਰੀਕੇ ਨਾਲ ਸਹਿਮਤ ਨਹੀਂ ਹੈ। ਯੂਸੀਸੀ ਦੇ ਮੁੱਦੇ ’ਤੇ ਬਸਪਾ ਮੁਖੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਵਿਧਾਨ ਦੀ ਧਾਰਾ 44 ਯੂਸੀਸੀ ਬਣਾਉਣ ਦੀ ਮੰਗ ਕਰਦੀ ਹੈ ਪਰ ਇਸ ਨੂੰ ਥੋਪਣ ਦੀ ਨਹੀਂ। ਇਸ ਲਈ ਭਾਜਪਾ ਨੂੰ ਇਹ ਸਾਰੀਆਂ ਗੱਲਾਂ ਧਿਆਨ ਵਿੱਚ ਰੱਖ ਕੇ ਹੀ ਕੋਈ ਵੀ ਕਦਮ ਚੁੱਕਣਾ ਚਾਹੀਦਾ ਹੈ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਹਾ ਕਿ ਜੇਕਰ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕਾਂ ’ਤੇ ਹਰ ਮਾਮਲੇ ਵਿੱਚ ਇੱਕੋ ਜਿਹਾ ਕਾਨੂੰਨ ਲਾਗੂ ਹੋ ਜਾਵੇ ਤਾਂ ਦੇਸ਼ ਕਮਜ਼ੋਰ ਨਹੀਂ ਹੋਵੇਗਾ, ਸਗੋਂ ਮਜ਼ਬੂਤ ਹੋਵੇਗਾ। ਇਸ ਦੇ ਨਾਲ ਹੀ ਲੋਕਾਂ ਵਿੱਚ ਆਪਸੀ ਸਦਭਾਵਨਾ ਅਤੇ ਭਾਈਚਾਰਾ ਵੀ ਪੈਦਾ ਹੋਵੇਗਾ।