ਨੇਹਾ ਸੈਣੀ
ਅੰਮ੍ਰਿਤਸਰ, 9 ਨਵੰਬਰ
ਕੈਨੇਡਾ ਨੇ ਆਪਣੀ ਇਮੀਗ੍ਰੇਸ਼ਨ ਨੀਤੀ ਵਿਚ ਹੋਰ ਵੱਡਾ ਬਦਲਾਅ ਕਰਦਿਆਂ ਫਾਸਟ ਟਰੈਕ ਸਟੂਡੈਂਟ ਵੀਜ਼ਾ, ਜਿਸ ਨੂੰ ਸਟੂਡੈਂਟ ਡਾਇਰੈਕਟ ਸਟ੍ਰੀਮ (ਐੱਸਡੀਐੱਸ) ਪ੍ਰੋਗਰਾਮ ਵੀ ਕਿਹਾ ਜਾਂਦਾ ਹੈ, ਨੂੰ ਤੁਰੰਤ ਬੰਦ ਕਰ ਦਿੱਤਾ ਹੈ। ਕੈਨੇਡਾ ਦੇ ਇਸ ਫੈਸਲੇ ਨਾਲ ਹਜ਼ਾਰਾਂ ਕੌਮਾਂਤਰੀ ਵਿਦਿਆਰਥੀਆਂ, ਖਾਸ ਕਰਕੇ ਕੈਨੇਡਾ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ’ਤੇ ਸਿੱਧਾ ਅਸਰ ਪਏਗਾ। ਐੱਸਡੀਐੱਸ ਪ੍ਰੋਗਰਾਮ 2018 ਵਿਚ ਸ਼ੁਰੂ ਕੀਤਾ ਗਿਆ ਸੀ। ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਨਾਇਜੀਰੀਆ ਸਟੂਡੈਂਟ ਐਕਸਪ੍ਰੈੱਸ (ਐੱਨਐੱਸਈ) ਪ੍ਰੋਗਰਾਮ ਵੀ ਬੰਦ ਕਰ ਦਿੱਤਾ ਹੈ। ਕੈਨੇਡੀਅਨ ਸਰਕਾਰ ਨੇ ਸਾਲ 2025 ਵਿਚ 4.37 ਲੱਖ ਨਵੇਂ ਸਟੱਡੀ ਪਰਮਿਟ, ਜਿਸ ਵਿਚ ਪੋਸਟ-ਗਰੈਜੂਏਟ ਪ੍ਰੋਗਰਾਮਾਂ ਸਣੇ ਸਿੱਖਿਆ ਦੇ ਸਾਰੇ ਪੱਧਰ ਕਵਰ ਹੋਣਗੇ, ਦੇਣ ਦਾ ਹੀ ਫੈਸਲਾ ਕੀਤਾ ਹੈ। ਐੱਸਡੀਐੱਸ ਪ੍ਰੋਗਰਾਮ ਵਿਸ਼ੇਸ਼ ਕਰਕੇ ਕੌਮਾਂਤਰੀ ਵਿਦਿਆਰਥੀਆਂ ਵਿਚ ਬਹੁਤ ਮਕਬੂਲ ਸੀ, ਕਿਉਂਕਿ ਸਟੈਂਡਰਡ ਅਮਲ ਦੇ ਮੁਕਾਬਲੇ ਇਸ ਵਿਚ ਪਰਮਿਟ ਦੀ ਪ੍ਰਵਾਨਗੀ ਬਹੁਤ ਤੇਜ਼ (ਕਈ ਵਾਰ ਤਾਂ ਤਿੰਨ ਹਫ਼ਤਿਆਂ ਵਿਚ ਮਿਲ ਜਾਂਦੀ) ਸੀ ਜਦੋਂਕਿ ਸਾਧਾਰਨ ਅਮਲ ਵਿਚ ਅੱਠ ਤੋਂ 12 ਹਫ਼ਤੇ ਅਤੇ ਕਈ ਵਾਰ ਇਸ ਤੋਂ ਵੀ ਵੱਧ ਸਮਾਂ ਲੱਗਦਾ ਹੈ।