ਚੰਡੀਗੜ੍ਹ, 14 ਨਵੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਸੂਬੇ ਦੇ ਇਕ ਮੰਤਰੀ ਵੱਲੋਂ ਗਾਂਧੀ ਪਰਿਵਾਰ ਨਾਲ ਉਨ੍ਹਾਂ ਦੀ ਸੰਭਾਵਿਤ ਮੁਲਾਕਾਤ ਅਤੇ ਕਾਂਗਰਸ ਵਿੱਚ ਪਰਤਣ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਪਿੱਛੇ ਮੁੜਨ ਦਾ ਤਾਂ ਸਵਾਲ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਕ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲ ਰਹੇ ਹਨ ਤੇ ਕਾਂਗਰਸ ਵਿੱਚ ਪਰਤ ਰਹੇ ਹਨ। ਉਨ੍ਹਾਂ ਇਥੇ ਇਕ ਬਿਆਨ ਵਿੱਚ ਕਿਹਾ, ‘‘ਅਜਿਹਾ ਮਾੜੀ ਅਤੇ ਸ਼ਰਾਰਤੀ ਭਾਵਨਾ ਤਹਿਤ ਕੀਤਾ ਜਾ ਰਿਹਾ ਹੈ।‘‘ ਉਨ੍ਹਾਂ ਮੁੜ ਦੁਹਰਾਇਆ ਕਿ ਪਿੱਛੇ ਮੁੜ ਕੇ ਦੇਖਣ ਦਾ ਕੋਈ ਸਵਾਲ ਹੀ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਰੂਪ ਰੇਖਾ ਤਿਆਰ ਕਰ ਰਹੇ ਹਨ ਤੇ ਸੰਗਠਨਾਤਮਕ ਢਾਂਚੇ ਨੂੰ ਅੰਤਿਮ ਰੂਪ ਦੇ ਰਹੇ ਹਨ। ਉਨ੍ਹਾਂ ਕਿਹਾ, ‘‘ਅਸੀਂ ਚੋਣ ਕਮਿਸ਼ਨ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਰਜਿਸਟਰੇਸ਼ਨ ਅਤੇ ਪਾਰਟੀ ਚਿੰਨ੍ਹ ਦਾ ਇੰਤਜ਼ਾਰ ਕਰ ਰਹੇ ਹਾਂ। ’’ -ਏਜੰਸੀ