ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਸਤੰਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੂਤਰਾਂ ਅਨੁਸਾਰ ਦੋਵੇਂ ਆਗੂਆਂ ਵਿਚਾਲੇ ਹੋਈ ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਦੀ ਨਵੀਂ ਬਣੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਦੇ ਭਗਵਾ ਪਾਰਟੀ ਵਿੱਚ ਰਲੇਵੇਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਸੰਭਾਵਤ ਸੀਟਾਂ ਦੀ ਵੰਡ ਬਾਰੇ ਚਰਚਾ ਹੋਈ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਕੁਝ ਦਿਨਾਂ ਤੋਂ ਦਿੱਲੀ ’ਚ ਡੇਰੇ ਲਾਏ ਹੋਏ ਹਨ ਤੇ ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ ਹਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੀਟਿੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਦੀ ਸਥਾਪਨਾ ਕੀਤੀ ਸੀ ਤੇ ਮਗਰੋਂ ਭਾਜਪਾ ਨਾਲ ਗਠਜੋੜ ਵੀ ਕੀਤਾ ਸੀ।
ਸਿਰਸਾ ਨੇ ਸ਼ਾਹ ਨਾਲ ਸਿੱਖਾਂ ਦੇ ਮਸਲੇ ਵਿਚਾਰੇ
ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਤੇ ਸਿੱਖ ਕੌਮ ਨੂੰ ਦਰਪੇਸ਼ ਮਾਮਲਿਆਂ ’ਤੇ ਚਰਚਾ ਕੀਤੀ। ਮੀਟਿੰਗ ਮਗਰੋਂ ਸ੍ਰੀ ਸਿਰਸਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਵੱਖ-ਵੱਖ ਮਾਮਲਿਆਂ ’ਤੇ ਬਹੁਤ ਉਸਾਰੂ ਤੇ ਵਿਸਥਾਰਤ ਗੱਲਬਾਤ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੇ ਬੀਬੀਐੱਮਬੀ ਦੇ ਮੌਜੂਦਾ ਰੁਤਬਿਆਂ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਸ਼ਾਹ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਕੈਦੀਆਂ ਦੀਆਂ ਸਜ਼ਾਵਾਂ ਪੂਰੀਆਂ ਹੋ ਗਈਆਂ ਹਨ, ਉਨ੍ਹਾਂ ਦੇ ਜੇਲ੍ਹ ਵਿੱਚ ਰਹਿਣ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ।