ਨਾਗਪੁਰ, 15 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਕਥਿਤ ਅਪਮਾਨਜਨਕ ਭਾਸ਼ਾ ਵਰਤਣ ਦੇ ਦੋਸ਼ ਵਿੱਚ ਨਾਗਪੁਰ ਦੇ ਕਾਂਗਰਸੀ ਆਗੂ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ।
ਇਸ ਕਾਂਗਰਸੀ ਆਗੂ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਨੇੜੇ ਰੋਸ ਮੁਜ਼ਾਹਰੇ ਦੌਰਾਨ ਪ੍ਰਧਾਨ ਮੰਤਰੀ ਖਿਲਾਫ ਕਥਿਤ ਮੰਦੇ ਬੋਲ ਬੋਲੇ ਸਨ। ਉਂਝ ਪੁਲੀਸ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ। ਸਥਾਨਕ ਭਾਜਪਾ ਆਗੂਆਂ ਵੱਲੋਂ ਡੀਸੀਪੀ ਜ਼ੋਨ 1 ਸੰਦੀਪ ਪਖਾਲੇ ਨੂੰ ਮੰਗਲਵਾਰ ਰਾਤ ਦਿੱਤੀ ਸ਼ਿਕਾਇਤ ਮਗਰੋਂ ਕਾਂਗਰਸ ਦੀ ਨਾਗਪੁਰ ਇਕਾਈ ਦੇ ਸਾਬਕਾ ਪ੍ਰਧਾਨ ਸ਼ੇਖ਼ ਹੁਸੈਨ ਖਿਲਾਫ਼ ਗਿੱਟੀਖਾਦਨ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 294 ਤੇ 504 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨਾਗਪੁਰ (ਪੱਛਮੀ) ਭਾਜਪਾ ਇਕਾਈ ਦੇ ਪ੍ਰਧਾਨ ਵਿਨੋਦ ਕਨਹਾਰੇ ਨੇ ਸ਼ਿਕਾਇਤ ਵਿੱਚ ਕਿਹਾ ਕਿ ਹੁਸੈਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ, ਜਿਨ੍ਹਾਂ ਤੋਂ ਭ੍ਰਿਸ਼ਟਾਚਾਰ ਨਾਲ ਜੁੜੇ ਕੇਸ ਵਿੱਚ ਦਿੱਲੀ ’ਚ ਪੁੱਛਗਿੱਛ ਕੀਤੀ ਜਾ ਰਹੀ ਸੀ, ਨਾਲ ਇਕਮੁੱਠਤਾ ਦਾ ਇਜ਼ਹਾਰ ਕਰਦਿਆਂ ਈਡੀ ਦਫ਼ਤਰ ਦੇ ਬਾਹਰ ਕੀਤੇ ਗਏ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। -ਪੀਟੀਆਈ