ਸੋਲਾਪੁਰ, 11 ਅਗਸਤ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਪ੍ਰਧਾਨ ਸ਼ਰਦ ਪਵਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰੋਸੇ ’ਤੇ ਤਨਜ਼ ਕੱਸਦਿਆਂ ਦਾਅਵਾ ਕੀਤਾ ਕਿ ਭਾਜਪਾ ਦੇ ਕਾਰਜਕਾਲ ਦੌਰਾਨ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਦੁੱਗਣੇ ਹੋ ਗਏ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਆਗੂ ਪਵਾਰ ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਦੇ ਬਾਰਸ਼ੀ ਕਸਬੇ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਢੁੱਕਵਾਂ ਭਾਅ ਨਹੀਂ ਮਿਲ ਰਿਹਾ ਅਤੇ ਉਹ ਕਰਜ਼ੇ ਵਿੱਚ ਡੁੱਬੇ ਗਏ ਹਨ। ਉਨ੍ਹਾਂ ਦੋਸ਼ ਲਾਇਆ, ‘‘ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਇਸ ਦੀ ਬਜਾਏ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਦੁੱਗਣੇ ਹੋ ਗਏ ਹਨ।’’ ਸ਼ਰਦ ਪਵਾਰ ਨੇ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਸੂਬੇ ਵਿੱਚ ਸਰਕਾਰ ਬਦਲੀ ਜਾਵੇ ਅਤੇ ਅਜਿਹੀ ਸਰਕਾਰ ਲਿਆਂਦੀ ਜਾਵੇ ਜੋ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਹਿੱਤਾਂ ਦੀ ਰੱਖਿਆ ਕਰੇ। ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ, ‘‘ਕੇਂਦਰ ਤੇ ਸੂਬੇ ਦੀਆਂ ਭਾਜਪਾ ਸਰਕਾਰਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕੁੱਝ ਨਹੀਂ ਕੀਤਾ।’’ ਪਵਾਰ ਨੇ ਕਿਹਾ ਕਿ ਭਾਜਪਾ ਆਪਣੇ ‘400 ਪਾਰ’ ਦੇ ਨਾਅਰੇ ਦੇ ਬਾਵਜੂਦ ਲੋਕ ਸਭਾ ਚੋਣਾਂ ਵਿੱਚ 300 ਸੀਟਾਂ ਵੀ ਜਿੱਤ ਨਹੀਂ ਸਕੀ। ਉਨ੍ਹਾਂ ਕਿਹਾ, ‘‘ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੀਆਂ ਪਾਰਟੀਆਂ ਦੀ ਮਦਦ ਨਾਲ ਉਹ ਸਰਕਾਰ ਬਣਾ ਸਕਦੀ ਹੈ। ਸਮੇਂ ਦੀ ਮੰਗ ਹੈ ਕਿ ਕਿਸਾਨਾਂ ’ਤੇ ਕਰਜ਼ੇ ਦਾ ਬੋਝ ਘੱਟ ਕੀਤਾ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਣਾ ਚਾਹੀਦਾ ਹੈ।’’ -ਪੀਟੀਆਈ