ਨਾਗਪੁਰ, 20 ਅਗਸਤ
ਕਾਂਗਰਸ ਆਗੂ ਕਨ੍ਹਈਆ ਕੁਮਾਰ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਵਿਰੋਧੀ ਧਿਰ ਦੀ ਸੰਘੀ ਘੁੱਟਣ ਲਈ ਸੀਬੀਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਜੈਅੰਤੀ ਮੌਕੇ ਕਾਂਗਰਸ ਵੱਲੋਂ ਇੱਥੇ ਕਰਵਾਏ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਆਏ ਹੋਏ ਸਨ। ਕੌਮੀ ਰਾਜਧਾਨੀ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ਸਣੇ 31 ਟਿਕਾਣਿਆਂ ’ਤੇ ਮਾਰੇ ਗਏ ਸੀਬੀਆਈ ਦੇ ਛਾਪਿਆਂ ਸਬੰਧੀ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਾਂਗਰਸੀ ਆਗੂ ਨੇ ਕਿਹਾ ਕਿ ਸੀਬੀਆਈ ਵਰਗੀਆਂ ਜਾਂਚ ਏਜੰਸੀਆਂ ਦੇਸ਼ ਦੀ ਸੁਰੱਖਿਆ ਲਈ ਹਨ, ਪਰ ਭਾਜਪਾ ਦੀ ਅਗਵਾਈ ਵਾਲੀ ਮੌਜੂਦਾ ਕੇਂਦਰ ਸਰਕਾਰ ਆਪਣੀ ਸੱਤਾ ਬਚਾਉਣ ਲਈ ਇਸ ਦੀ ਦੁਰਵਰਤੋਂ ਕਰ ਰਹੀ ਹੈ। -ਪੀਟੀਆਈ