ਨਵੀਂ ਦਿੱਲੀ, 7 ਦਸੰਬਰ
ਕੇਂਦਰ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਸਖ਼ਤ ਕਰਨ ਲਈ ਕਿਹਾ ਹੈ। ਕੇਂਦਰ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਦਿਨ ਸ਼ਾਂਤੀ ਰੱਖੀ ਜਾਵੇ। ਮੁਲਕ ਭਰ ਲਈ ਜਾਰੀ ਐਡਵਾਇਜ਼ਰੀ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕੋਵਿਡ-19 ਤਹਿਤ ਸਿਹਤ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਇਸ ਦੇ ਨਾਲ ਹੀ ਭਾਰਤ ਬੰਦ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸ਼ਾਤੀ ਬਣਾਈ ਰੱਖਣ ਦੇ ਨਾਲ ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਅਹਿਤਿਆਤੀ ਕਦਮ ਚੁੱਕਣ ਲਈ ਵੀ ਕਿਹਾ ਗਿਆ ਹੈ। ਕਾਬਿਲੇ ਗੌਰ ਹੈ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਤੇ ਮੁੱਖ ਸਿਆਸੀ ਪਾਰਟੀਆਂ ਜਿਵੇਂ, ਕਾਂਗਰਸ, ਐਨਸੀਪੀ, ਐਸਪੀ, ਟੀਆਰਐਸ, ਖੱਬੇ ਪੱਖੀ ਤੇ ਬਸਪਾ ਨੇ ਭਾਰਤ ਬੰਦ ਦੀ ਹਮਾਇਤ ਦਾ ਐਲਾਨ ਕੀਤਾ ਹੈ। -ਪੀਟੀਆਈ