ਨਵੀਂ ਦਿੱਲੀ, 14 ਜੁਲਾਈ
ਨੀਟ-ਯੂਜੀ ਪ੍ਰੀਖਿਆ 2024 ਨੂੰ ਲੈ ਕੇ ਉਪਜੇ ਵਿਵਾਦ ਦਰਮਿਆਨ ਸੀਨੀਅਰ ਕਾਂਗਰਸ ਆਗੂ ਪੀ. ਚਿਦੰਬਰਮ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪ੍ਰੀਖਿਆ ਘੁਟਾਲੇ ਤੋਂ ਸਬਕ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਦਾਖ਼ਲਿਆਂ ਲਈ ਪ੍ਰੀਖਿਆਵਾਂ ਕਰਵਾਉਣ ਦਾ ਅਧਿਕਾਰ ਰਾਜਾਂ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ। ਸਰਕਾਰ 5 ਮਈ ਨੂੰ ਕਰਵਾਈ ਗਈ ਨੀਟ-ਯੂਜੀ ਪ੍ਰੀਖਿਆ ਮਾਮਲੇ ਵਿਚ ਵਿਵਾਦਾਂ ਵਿਚ ਘਿਰ ਗਈ ਹੈ। ਦੱਸਣਾ ਬਣਦਾ ਹੈ ਕਿ ਨੀਟ ਦਾ ਪੇਪਰ ਕਈ ਸੈਂਟਰਾਂ ਵਿਚ ਲੀਕ ਹੋਣ ਬਾਰੇ ਦੋਸ਼ ਲਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਕਈ ਪਟੀਸ਼ਨਾਂ ਸੁਪਰੀਮ ਕੋਰਟ ਵਿਚ ਦਾਇਰ ਕੀਤੀਆਂ ਗਈਆਂ ਹਨ।