ਰਾਏਪੁਰ, 16 ਨਵੰਬਰ
ਛੱਤੀਸਗੜ੍ਹ ਦੇ ਬਸਤਰ ਖੇਤਰ ’ਚ ਅੱਜ ਨਕਸਲ ਵਿਰੋਧੀ ਮੁਹਿੰਮ ਦੌਰਾਨ ਪੰਜ ਨਕਸਲੀ ਮਾਰੇ ਗਏ ਤੇ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਨਾਰਾਇਣਪੁਰ ਤੇ ਕਾਂਕੇਰ ਜ਼ਿਲ੍ਹਿਆਂ ਦੀ ਹੱਦ ’ਤੇ ਉੱਤਰੀ ਅਬੂਝਮਾੜ ਦੇ ਜੰਗਲ ’ਚ ਸਵੇਰੇ ਤਕਰੀਬਨ 8 ਵਜੇ ਜਦੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨਕਸਲ ਵਿਰੋਧੀ ਮੁਹਿੰਮ ’ਤੇ ਨਿਕਲੀ ਤਾਂ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ’ਚ ਬੀਐੱਸਐੱਫ, ਜ਼ਿਲ੍ਹਾ ਰਿਜ਼ਰਵ ਗਾਰਡ (ਡੀਆਰਜੀ) ਅਤੇ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੇ ਜਵਾਨ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਤੋਂ ਪੰਜ ਨਕਸਲੀਆਂ ਦੀਆਂ ਲਾਸ਼ਾਂ ਤੇ ਹਥਿਆਰ ਬਰਾਮਦ ਹੋਏ ਹਨ ਅਤੇ ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ ਹੈ। ਦੁਵੱਲੀ ਗੋਲੀਬਾਰੀ ’ਚ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਵੀ ਹੋਏ ਹਨ। -ਪੀਟੀਆਈ