ਬੀਜਾਪੁਰ/ਸੁਕਮਾ, 5 ਅਕਤੂਬਰ
ਛੱਤੀਸਗੜ੍ਹ ਦੇ ਬੀਜਾਪੁਰ ਤੇ ਸੁਕਮਾ ਜ਼ਿਲ੍ਹਿਆਂ ’ਚ ਨਕਸਲੀਆਂ ਨੇ ਦੋੋ ਵੱਖ-ਵੱਖ ਥਾਵਾਂ ’ਤੇ ਤਿੰਨ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇੱਕ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਸੂਚਨਾ ਮੁਤਾਬਕ ਨਕਸਲੀਆਂ ਨੇ ਬੀਜਾਪੁਰ ਜ਼ਿਲ੍ਹੇ ਦੇ ਗੰਗਾਲੂਰ ਥਾਣੇ ਅਧੀਨ ਪਿੰਡ ਸਵਨਾਰ ਵਿੱਚ ‘ਜਨ ਅਦਾਲਤ’ (ਕੰਗਾਰੂ ਅਦਾਲਤ) ਲਾਉਣ ਮਗਰੋਂ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਹੋਰ ਜਾਣਕਾਰੀ ਇਕੱਤਰ ਕਰਨ ਲਈ ਪੁਲੀਸ ਟੀਮ ਮੌਕੇ ’ਤੇ ਭੇਜੀ ਗਈ ਹੈ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਕਸਲੀਆਂ ਨੇ ਸ਼ੁੱਕਰਵਾਰ ਨੂੰ ਸੁਕਮਾ ਜ਼ਿਲ੍ਹੇ ਦੇ ਇੱਕ ਪਿੰਡ ਦੇ ਬੀ. ਪੇਦਬੋਦਕਲ ਨਾਮੀ ਵਿਅਕਤੀ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਮੁਤਾਬਕ ਨਕਸਲੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। -ਪੀਟੀਆਈ