ਨਵੀਂ ਦਿੱਲੀ, 29 ਜੁਲਾਈ
ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ ਮਾਮਲੇ ਦੀ ਗੂੰਜ ਅੱਜ ਸੰਸਦ ਦੇ ਦੋਵਾਂ ਸਦਨਾਂ ਵਿਚ ਸੁਣਾਈ ਦਿੱਤੀ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕੋਚਿੰਗ ਸੈਂਟਰਾਂ ਦੇ ਸਭਿਆਚਾਰ ਨੂੰ ‘ਗੈਸ ਚੈਂਬਰ’ ਕਰਾਰ ਦਿੱਤਾ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਦੁਖਾਂਤ ਲਈ ‘ਆਪ’ ਸਰਕਾਰ ਦੀ ‘ਲਾਪਰਵਾਹੀ’ ਨੂੰ ਜ਼ਿੰਮੇਵਾਰ ਦੱਸਿਆ। ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਸਬੰਧਤਾਂ ਦੀ ਜ਼ਿੰਮੇਵਾਰੀ ਮਿਥੀ ਜਾਵੇਗੀ ਤਾਂ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਉਨ੍ਹਾਂ ਕਿਹਾ ਕਿ ਮੌਤਾਂ ’ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੋਚਿੰਗ ਸੈਂਟਰ ਚਲਾਉਣ ਲਈ ਸਪੱਸ਼ਟ ਸੇਧਾਂ ਹਨ ਅਤੇ ਇਹ ਸੂਬਾ ਸਰਕਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦੇ ਕੰਮਕਾਜ ’ਤੇ ਨਜ਼ਰ ਰੱਖਣ। ਲੋਕ ਸਭਾ ਵਿਚ ਸਿਫ਼ਰ ਕਾਲ ਦੌਰਾਨ ਮੈਂਬਰਾਂ ਨੇ ਪਾਰਟੀ ਸਫ਼ਾਂ ਤੋਂ ਉਪਰ ਉੱਠ ਕੇ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਕੋਚਿੰਗ ਸੈਂਟਰ ਵਿਚ ਹੋਈਆਂ ਮੌਤਾਂ ਬਾਰੇ ਰਾਜ ਸਭਾ ਵਿਚ ਸੰਖੇਪ ਚਰਚਾ ਦੌਰਾਨ ਚੇਅਰਮੈਨ ਜਗਦੀਪ ਧਨਖੜ ਨੇੇ ਕਿਹਾ ਕਿ ਕੋਚਿੰਗ ਸੈਂਟਰਾਂ ਦਾ ਸਭਿਆਚਾਰ ‘ਗੈਸ ਚੈਂਬਰ’ ਨਾਲੋਂ ਘੱਟ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਨ੍ਹਾਂ ਕੋਚਿੰਗ ਸੈਂਟਰਾਂ ਵੱਲੋਂ ਅਖ਼ਬਾਰੀ ਇਸ਼ਤਿਹਾਰਾਂ ’ਤੇ ਕੀਤੇ ਜਾਂਦੇ ਵੱਡੇ ਖਰਚਿਆਂ ਦੀ ਘੋਖ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਚਿੰਗ ਸੈਂਟਰਾਂ ਵੱਲੋਂ ਮੋਟਾ ਮੁਨਾਫਾ ਕਮਾਏ ਜਾਣ ਨਾਲ ਸਿੱਖਿਆ ਦਾ ਵਪਾਰੀਕਰਨ ਹੋ ਰਿਹਾ ਹੈ। ਸ਼ਹਿਰੀ ਵਿਕਾਸ ਮੰਤਰੀ ਖੱਟਰ ਨੇ ਵਿਚਾਰ ਚਰਚਾ ਦਾ ਜਵਾਬ ਦਿੰਦਿਆਂ ਕਿਹਾ ਕਿ 2023 ਵਿਚ 1120 ਸੰਸਥਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੀਤੀ ਕਾਰਵਾਈ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਪ੍ਰਧਾਨ ਨੇ ਵਿਚਾਰ ਚਰਚਾ ਵਿਚ ਦਖ਼ਲ ਦਿੰਦਿਆਂ ਕਿਹਾ ਕਿ ਕੋਚਿੰਗ ਸੰਸਥਾਵਾਂ ਨੂੰ ਨੇਮਾਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਮੌਤਾਂ ਨੂੰ ਲੈ ਕੇ ਸਿਆਸਤ ਨਾ ਕੀਤੀ ਜਾਵੇ। ਕਾਂਗਰਸ ਐੱਮਪੀ ਰਣਦੀਪ ਸਿੰਘ ਸੁਰਜੇਵਾਲਾ ਨੇ ਫੀਸ ਢਾਂਚੇ ਨੂੰ ਰੈਗੂਲੇਟ ਕਰਨ, ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਾਲਤ ਤੇ ਉਨ੍ਹਾਂ ਦੀ ਸੁਰੱਖਿਆ ਬਾਰੇ ਕਾਨੂੰਨ ਦੀ ਮੰਗ ਕੀਤੀ। ਭਾਜਪਾ ਸੰਸਦ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਨੇ ਦਿੱਲੀ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ‘ਢਿੱਲੇ’ ਰਵੱਈਏ ਦੀ ਨਿਖੇਧੀ ਕੀਤੀ। ਟੀਐੱਮਸੀ ਦੇ ਡੈਰੇਕ ਓ’ਬ੍ਰਾਇਨ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਆਪਣੀ ਕੌਮੀ ਸਿੱਖਿਆ ਨੀਤੀ ਵਿਚ ਸਿੱਖਿਆ ਦੇ ‘ਉਤਪਾਦੀਕਰਨ’ ਦੇ ਮੁੱਦੇ ਨੂੰ ਛੋਹਿਆ ਹੈ। ਡੀਐੱਮਕੇ ਦੇ ਤਿਰੁਚੀ ਸ਼ਿਵਾ ਨੇ ਕਿਹਾ, ‘‘ਕੀ ਇਹ ਹਾਦਸਾ ਨੀਟ ਸੈਂਟਰ ਵਿਚ ਹੋਇਆ ਹੁੰਦਾ ਤਾਂ ਸਰਕਾਰ ਫਿਰ ਉਦੋਂ ਕੀ ਕਰਦੀ? ਮੈਨੂੰ ਨਹੀਂ ਪਤਾ।’’ ‘ਆਪ’ ਆਗੂ ਸੰਜੈ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕੋਚਿੰਗ ਸੈਂਟਰਾਂ ਨੂੰ ਰੈਗੂਲੇਟ ਕਰਦੀ ਹੈ। ਉਨ੍ਹਾਂ ਆਪਣੀ ਪਾਰਟੀ ਦੀ ਸਰਕਾਰ ਦਾ ਬਚਾਅ ਕਰਦਿਆਂ ਕਿਹਾ, ‘‘ਦਿੱਲੀ ਸਰਕਾਰ ਦੇ ਮੰਤਰੀਆਂ ਨੇ ਡਰੇਨਾਂ ਦੀ ਸਫਾਈ ਦੀ ਮੰਗ ਕੀਤੀ ਸੀ। ਪਰ ਅਧਿਕਾਰੀਆਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਇਹ ਘਟਨਾ ਦਿੱਲੀ ਵਿਚ ਭਾਜਪਾ ਦੇ ਐੱਮਸੀਡੀ ’ਤੇ 15 ਸਾਲਾਂ ਦੇ ਰਾਜ ਦਾ ਨਤੀਜਾ ਹੈ।’’ ਸਮਾਜਵਾਦੀ ਪਾਰਟੀ ਦੀ ਜਯਾ ਬੱਚਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੇ ਮਾਮਲਿਆਂ ’ਤੇ ਕੋਝੀ ਸਿਆਸਤ ਤੋਂ ਉਪਰ ਉੱਠਣ ਲਈ ਕਿਹਾ। ਲੋਕ ਸਭਾ ਵਿਚ ਭਾਜਪਾ ਆਗੂ ਤੇ ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਐੱਮਪੀ ਬਾਂਸੁਰੀ ਸਵਰਾਜ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਲਈ ਗ੍ਰਹਿ ਮੰਤਰਾਲੇ ਅਧੀਨ ਜਾਂਚ ਕਮੇਟੀ ਬਣਾਈ ਜਾਵੇ। ਸਵਰਾਜ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ, ‘‘ਆਮ ਆਦਮੀ ਪਾਰਟੀ ਦੀ ਅਪਰਾਧਿਕ ਅਣਗਹਿਲੀ ਕਰਕੇ ਇਨ੍ਹਾਂ ਵਿਦਿਆਰਥੀਆਂ ਦੀ ਮੌਤ ਹੋਈ। ਦਿੱਲੀ ਸਰਕਾਰ ਦੀ ਜਾਂਚ ਕਰਵਾਈ ਜਾਵੇ, ਜੋ ਗਲ਼ ਤੱਕ ਭ੍ਰਿਸ਼ਟਾਚਾਰ ਵਿਚ ਡੁੱਬੀ ਹੋਈ ਹੈ। ਦਿੱਲੀ ਦੀਆਂ ਡਰੇਨਾਂ ਸਾਫ਼ ਕਿਉਂ ਨਹੀਂ ਕੀਤੀਆਂ ਗਈਆਂ?’’ ਸਪਾ ਆਗੂ ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਮਾਮਲੇ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਸ ਦੁਖਦਾਈ ਘਟਨਾ ਲਈ ਕੌਣ ਜ਼ਿੰਮੇਵਾਰ ਹੈ। -ਪੀਟੀਆਈ