ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 15 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਖੇਮੇ ਨੇ ਅੱਜ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਬੈਨਰ ਹੇਠ ਪੰਜਾਬ ਦੇ ਪੰਥਕ ਪਿੰਡਾਂ ਤੋਂ ਪਾਰਟੀ ਦੀ ਸੁਰਜੀਤੀ ਲਈ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਅੱਜ ਇੱਥੇ ਮੀਟਿੰਗ ਕਰਕੇ ਸਰਬਸੰਮਤੀ ਨਾਲ ਕੋਰ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਕਨਵੀਨਰ ਬਣਾ ਦਿੱਤਾ ਹੈ। ਮੀਟਿੰਗ ਵਿੱਚ 11 ਮੈਂਬਰੀ ਸਥਾਈ ਕਾਰਜਕਾਰੀ ਕਮੇਟੀ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਵਡਾਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮੀਟਿੰਗ ਵਿੱਚ ਅੱਜ ਕਈ ਅਹਿਮ ਫ਼ੈਸਲੇ ਗਏ। ਇਸ ਮੌਕੇ ਪੰਜਾਬ ਦੇ ਅਸਲ ਮੁੱਦਿਆਂ ਤੋਂ ਇਲਾਵਾ ਪੰਥਕ ਅਤੇ ਸਿਆਸੀ ਮਸਲਿਆਂ ’ਤੇ ਵਿਚਾਰ ਕਰਨ ਲਈ ਪੰਜ ਸੈਮੀਨਾਰ ਕਰਵਾਉਣ ਦਾ ਐਲਾਨ ਕੀਤਾ ਗਿਆ ਜੋ ਅੰਮ੍ਰਿਤਸਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਬਠਿੰਡਾ ਅਤੇ ਚੰਡੀਗੜ੍ਹ ਵਿੱਚ ਹੋਣਗੇ। ਇਸ ਤੋਂ ਇਲਾਵਾ 30 ਜੁਲਾਈ ਨੂੰ ਜਥੇਦਾਰ ਮੋਹਨ ਸਿੰਘ ਤੁੜ ਦੀ ਬਰਸੀ, 20 ਅਗਸਤ ਨੂੰ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ, 24 ਸਤੰਬਰ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਨ ਮਨਾਉਣ ਦਾ ਫੈਸਲਾ ਵੀ ਕੀਤਾ ਗਿਆ। ਆਗੂਆਂ ਨੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਲਈ ਸ਼੍ਰੋਮਣੀ ਕਮੇਟੀ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਦੀ ਅਪੀਲ ਵੀ ਕੀਤੀ। ਜਿਹੜੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਕਰਕੇ ਪਾਰਟੀ ਛੱਡ ਕੇ ਗਏ ਹਨ ਜਾਂ ਬਿਨਾਂ ਕਿਸੇ ਦੋਸ਼ ਕਾਰਨ ਪਾਰਟੀ ਵਿੱਚੋਂ ਕੱਢੇ ਗਏ ਹਨ, ਉਨ੍ਹਾਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਗਈ। ਸਮੁੱਚੇ ਪੰਥਕ ਹਿਤੈਸ਼ੀਆਂ ਨੂੰ ਵੀ ਲਹਿਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ ਹੈ। ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੀਡੀਆ ਨੂੰ ਦੱਸਿਆ ਕਿ ਜਲਦੀ ਧਾਰਮਿਕ, ਸਿਆਸੀ ਅਤੇ ਸਮਾਜਿਕ ਏਜੰਡਾ ਤਿਆਰ ਕੀਤਾ ਜਾਵੇਗਾ ਅਤੇ ਇਸ ਲਹਿਰ ਨੂੰ ਪਿੰਡ-ਪਿੰਡ ਲਿਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਦੁਬਾਰਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਕੀਤੀ ਹੁੰਦੀ ਤਾਂ ਅੱਜ ਪਾਰਟੀ ਦੀ ਇਹ ਹਾਲਤ ਨਹੀਂ ਹੋਣੀ ਸੀ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਸੁਰਿੰਦਰ ਸਿੰਘ ਭੁਲੇਵਾਲਰਾਠਾ, ਬਲਦੇਵ ਸਿੰਘ ਮਾਨ, ਗਗਨਜੀਤ ਸਿੰਘ ਬਰਨਾਲਾ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਭਾਈ ਮਨਜੀਤ ਸਿੰਘ, ਸੁੱਚਾ ਸਿੰਘ ਛੋਟੇਪੁਰ, ਕਰਨੈਲ ਸਿੰਘ ਪੰਜੌਲੀ, ਜਸਟਿਸ ਨਿਰਮਲ ਸਿੰਘ ਅਤੇ ਸਰਵਨ ਸਿੰਘ ਫਿਲੌਰ ਆਦਿ ਹਾਜ਼ਰ ਸਨ।