ਨਵੀਂ ਦਿੱਲੀ, 21 ਅਕਤੂਬਰ
ਚੋਣ ਕਮਿਸ਼ਨ ਨੇ ਲੋਕ ਸਭਾ ਤੇ ਅਸੈਂਬਲੀ ਚੋਣਾਂ ਵਿੱਚ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਹੱਦ ਸੋਧਣ ਨਾਲ ਜੁੜੇ ਮਾਮਲੇ ਦੀ ਘੋਖ ਲਈ ਕਮੇਟੀ ਗਠਿਤ ਕੀਤੀ ਹੈ। ਚੋਣ ਖਰਚੇ ’ਤੇ ਨਜ਼ਰਸਾਨੀ ਦਾ ਫੈਸਲਾ ਵੋਟਰਾਂ ਦੀ ਵਧਦੀ ਗਿਣਤੀ ਤੇ ਕੀਮਤ ਮਹਿੰਗਾਈ ਸੂਚਕ ਅੰਕ ਚੜ੍ਹਨ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਉਮੀਦਵਾਰਾਂ ਲਈ ਚੋਣ ਖਰਚੇ ਦੀ ਹੱਦ ਵਿੱਚ 2014 ਵਿੱਚ ਸੋਧ ਕੀਤੀ ਗਈ ਸੀ। ਸਾਲ 2018 ਵਿੱਚ ਆਂਧਰਾ ਪ੍ਰਦੇਸ਼ ਤੇ ਤਿਲੰਗਾਨਾ ਲਈ ਇਹ ਹੱਦ ਮੁੜ ਵਧਾਈ ਗਈ ਸੀ। ਇਸ ਦੌਰਾਨ ਕਾਂਗਰਸ ਆਗੂ ਕਮਲ ਨਾਥ ਵੱਲੋਂ ਭਾਜਪਾ ਉਮੀਦਵਾਰ ਇਮਰਤੀ ਦੇਵੀ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤੇ ਜਾਣ ਦਾ ਨੋਟਿਸ ਲੈਂਦਿਆਂ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਕਮਲ ਨਾਥ ਨੂੰ 48 ਘੰਟਿਆਂ ’ਚ ਜਵਾਬ ਦੇਣ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਕਾਂਗਰਸ ਆਗੂ ਦਾ ਬਿਆਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਦੌਰਾਨ ਚੋਣ ਕਮਿਸ਼ਨ ਨੇ ਪ੍ਰਚਾਰ ਦੌਰਾਨ ਸਮਾਜਿਕ ਦੂਰੀ ਦੇ ਨੇਮਾਂ ਅਤੇ ਆਗੂਆਂ ਵੱਲੋਂ ਰੈਲੀਆਂ ਦੌਰਾਨ ਮਾਸਕ ਨਾ ਪਹਿਨੇ ਜਾਣ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ ਹੈ। ਸਾਰੀਆਂ ਕੌਮੀ ਅਤੇ ਸੂਬਾਈ ਪਾਰਟੀਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੂੰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। -ਪੀਟੀਆਈ