ਨਵੀਂ ਦਿੱਲੀ, 22 ਜੂਨ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਕੋਵਿਡ-19 ਮਹਾਮਾਰੀ ਦੀ ਸਥਿਤੀ ਬਾਰੇ ਪਾਰਟੀ ਦੀ ਤਰਫੋਂ ‘ਵ੍ਹਾਈਟ ਪੇਪਰ’ ਜਾਰੀ ਕਰਦਿਆਂ ਕੇਂਦਰ ਸਰਕਾਰ ਨੂੰ ਕੋਵਿਡ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਪੂਰੀ ਤਿਆਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗਰੀਬਾਂ ਨੂੰ ਵਿੱਤੀ ਸਹਾਇਤਾ ਦੇਵੇ ਅਤੇ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਵਿਡ ਮੁਆਵਜ਼ਾ ਫੰਡ ਸਥਾਪਤ ਕਰੇ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਇਸ ਵ੍ਹਾਈਟ ਪੇਪਰ ਦਾ ਅਰਥ ਸਰਕਾਰ ਦੀ ਆਲੋਚਨਾ ਕਰਨਾ ਨਹੀਂ। ਪਾਰਟੀ ਸਰਕਾਰ ਦੀਆਂ ਗਲਤੀਆਂ ਦਾ ਵਰਨਣ ਇਸ ਲਈ ਕਰ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਲਤੀਆਂ ਨੂੰ ਠੀਕ ਕੀਤਾ ਜਾ ਸਕੇ।