ਨਵੀਂ ਦਿੱਲੀ, 9 ਜੂਨ
ਪੈਗੰਬਰ ਮੁਹੰਮਦ ਬਾਰੇ ਕੀਤੀ ਬਿਆਨਬਾਜ਼ੀ ਤੋਂ ਪੈਦਾ ਹੋਏ ਵਿਵਾਦ ’ਤੇ ਭਾਰਤ ਸਰਕਾਰ ਨੇ ਵੀਰਵਾਰ ਨੂੰ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਵਿਵਾਦਤ ਬਿਆਨ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਪ੍ਰਤੀਨਿਧਤਾ ਨਹੀਂ ਕਰਦੇ। ਇਸ ਸਬੰਧ ਵਿੱਚ ਕੇਂਦਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਜਪਾ ਆਗੂਆਂ ਨੂਪੁਰ ਸ਼ਰਮਾ ਤੇ ਨਵੀਨ ਜਿੰਦਲ ਖ਼ਿਲਾਫ਼ ਕਾਰਵਾਈ ਕਰ ਦਿੱਤੀ ਹੈ ਤੇ ਇਸ ਤੋਂ ਇਲਾਵਾ ਉਹ ਹੋਰ ਕੁਝ ਨਹੀਂ ਕਹਿ ਸਕਦੇ। ਜਦੋਂ ਉਨ੍ਹਾਂ ਨੂੰ ਇਰਾਨ ਵੱਲੋਂ ਟਵੀਟ ਕਰ ਕੇ ਕੀਤੇ ਗਏ ਦਾਅਵੇ ਬਾਰੇ ਪੁੱਛਿਆ ਗਿਆ ਕਿ ਇਰਾਨ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ-ਅਬਦੋਲਾਹੀਅਨ ਨੇ ਬੁੱਧਵਾਰ ਨੂੰ ਇਹ ਵਿਵਾਦਤ ਮਾਮਲਾ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਧਿਆਨ ਵਿੱਚ ਲਿਆਂਦਾ ਸੀ ਤਾਂ ਅਰਿੰਦਮ ਬਾਗਚੀ ਨੇ ਸਰਕਾਰ ਦਾ ਪੱਖ ਰੱਖਦਿਆਂ ਕਿਹਾ ਕਿ ਵਿਵਾਦਤ ਬਿਆਨ ਦੇਣ ਵਾਲਿਆਂ ਖ਼ਿਲਾਫ਼ ਅਜਿਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਕਿ ਬਾਕੀਆਂ ਲਈ ਇਕ ਸਬਕ ਹੋਵੇਗੀ। ਇਸੇ ਦੌਰਾਨ ਸ੍ਰੀ ਬਾਗਚੀ ਨੇ ਕਿਹਾ ਕਿ ਮੇਰੀ ਸਮਝ ਅਨੁਸਾਰ ਇਰਾਨ ਦੇ ਜਿਸ ਟਵੀਟ ਬਾਰੇ ਗੱਲ ਕੀਤੀ ਜਾ ਰਹੀ ਹੈ ਉਸ ਨੂੰ ਸੋਸ਼ਲ ਮੀਡੀਆ ਤੋਂ ਹਟਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਨੇ ਵਿਵਾਦਤ ਬਿਆਨ ਦੇਣ ਦੇ ਦੋਸ਼ ਹੇਠ ਪਾਰਟੀ ਦੀ ਕੌਮੀ ਸਪੋਕਸਪਰਸਨ ਨੂਪੁਰ ਸ਼ਰਮਾ ਨੂੰ ਐਤਵਾਰ ਨੂੰ ਮੁਅੱਤਲ ਕਰ ਦਿੱਤਾ ਸੀ ਤੇ ਪਾਰਟੀ ਦੇ ਦਿੱਲੀ ਮੀਡੀਆ ਹੈੱਡ ਨਵੀਨ ਜਿੰਦਲ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਸੀ। -ਪੀਟੀਆਈ