ਨਵੀਂ ਦਿੱਲੀ, 25 ਫਰਵਰੀ
ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਕਾਫ਼ੀ ਗਿਰਾਵਟ ਦੇ ਮੱਦੇਨਜ਼ਰ ਸਮਾਜਿਕ, ਖੇਡ, ਮਨੋਰੰਜਨ, ਅਕਾਦਮਿਕ ਅਤੇ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਰਾਤ ਦੇ ਕਰਫਿਊ ਵਿੱਚ ਕੋਵਿਡ ਪਾਬੰਦੀਆਂ ਵਿੱਚ ਢਿੱਲ ਦੇਣ ਬਾਰੇ ਵਿਚਾਰ ਕਰਨ ਲਈ ਕਿਹਾ ਹੈ।
ਮਾਰਚ ਲਈ ਕੋਵਿਡ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਇਹ ਗੱਲ ਆਖੀ ਹੈ। ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਦਿਸ਼ਾ-ਨਿਰਦੇਸ਼ਾਂ ਵਿੱਚ ਗ੍ਰਹਿ ਸਕੱਤਰ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮਾਸਕ ਪਹਿਨਣਾ, ਸਮਾਜਿਕ ਦੂਰੀ ਰੱਖਣਾ ਤੇ ਹੱਥਾਂ ਦੀ ਸਫਾਈ ਬਾਰੇ ਹੁਕਮਾਂ ਨੂੰ ਲਾਗੂ ਰੱਖਿਆ ਜਾਵੇ। ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੈਸਟਿੰਗ, ਨਿਗਰਾਨੀ, ਕਲੀਨਿਕਲ ਪ੍ਰਬੰਧਨ, ਟੀਕਾਕਰਨ ਨੂੰ ਤੇਜ਼ ਕਰਨ ਲਈ ਕਿਹਾ ਹੈ।