ਇੰਫਾਲ, 21 ਨਵੰਬਰ
ਮਨੀਪੁਰ ਵਿੱਚ ਅਮਨ ਕਾਨੂੰਨ ਬਹਾਲ ਕਰਨ ਲਈ ਕਰਫਿਊ ਲਾਇਆ ਗਿਆ ਸੀ। ਇੱਥੋਂ ਦੇ ਪੰਜ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟਰੇਟਾਂ ਨੇ ਦੋ ਦਿਨ ਕਰਫਿਊ ਵਿਚ ਸੱਤ ਘੰਟਿਆਂ ਲਈ ਢਿੱਲ ਦੇਣ ਦੇ ਹੁਕਮ ਦਿੱਤੇ ਹਨ। ਗ੍ਰਹਿ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲੋਕਾਂ ਨੂੰ ਦਵਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਸਮੇਤ ਜ਼ਰੂਰੀ ਵਸਤਾਂ ਖਰੀਦਣ ਅਤੇ ਜ਼ਰੂਰੀ ਕੰਮਾਂ ਲਈ ਆਵਾਜਾਈ ’ਤੇ ਲਾਈ ਪਾਬੰਦੀ ਵਿਚ ਢਿੱਲ ਦੇਣ ਦੀ ਲੋੜ ਹੈ, ਇਸ ਲਈ 22 ਨਵੰਬਰ ਨੂੰ ਸਵੇਰ ਪੰਜ ਵਜੇ ਤੋਂ ਸੱਤ ਘੰਟਿਆਂ ਲਈ ਕਰਫਿਊ ਵਿਚ ਢਿੱਲ ਦਿੱਤੀ ਗਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਛੋਟ ਕਿਸੇ ਵੀ ਰੈਲੀ ਆਦਿ ’ਤੇ ਲਾਗੂ ਨਹੀਂ ਹੋਵੇਗੀ। ਇਨ੍ਹਾਂ ਪੰਜ ਜ਼ਿਲ੍ਹਿਆਂ ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਵਿਚ ਕਰਫਿਊ ਵਿਚ ਢਿੱਲ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਦੀ ਸੁਰੱਖਿਆ ਦੇ ਮੱਦੇਨਜ਼ਰ ਮਨੀਪੁਰ ਦੀ ਇੰਫਾਲ ਘਾਟੀ ਵਿੱਚ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 23 ਨਵੰਬਰ ਤੱਕ ਬੰਦ ਰਹਿਣਗੀਆਂ।