ਨਵੀਂ ਦਿੱਲੀ,17 ਨਵੰਬਰ
ਸੁਪਰੀਮ ਕੋਰਟ ਨੇ ਕਿਹਾ ਕਿ ਟੀਵੀ ਨਿਊਜ਼ ਚੈਨਲਾਂ ’ਤੇ ਹੁੰਦੀਆਂ ਬਹਿਸਾਂ ਦੂਜੀਆਂ ਗੱਲਾਂ ਨਾਲੋਂ ਕਿਤੇ ਵਧੇਰੇ ਪ੍ਰਦੂਸ਼ਣ ਫੈਲਾ ਰਹੀਆਂ ਹਨ ਅਤੇ ਅਦਾਲਤ ’ਚ ਸੁਣਵਾਈ ਦੌਰਾਨ ਦਿੱਤੇ ਜਾਂਦੇ ਬਿਆਨਾਂ ਨੂੰ ਸੰਦਰਭ ਤੋਂ ਬਾਹਰ ਜਾ ਕੇ ਵਰਤਿਆ ਜਾ ਰਿਹਾ ਹੈ। ਚੀਫ਼ ਜਸਟਿਸ ਐੱਨ ਵੀ ਰਾਮੰਨਾ, ਜਸਟਿਸ ਡੀ ਵਾਈ ਚੰਦਰਚੂੜ ਅਤੇ ਸੂਰਿਆ ਕਾਂਤ ਦੇ ਬੈਂਚ ਨੇ ਕਿਹਾ ਕਿ ਸਾਰਿਆਂ ਦਾ ਆਪਣਾ ਏਜੰਡਾ ਹੁੰਦਾ ਹੈ ਅਤੇ ਇਨ੍ਹਾਂ ਬਹਿਸਾਂ ਦੌਰਾਨ ਬਿਆਨਾਂ ਦੀ ਸੰਦਰਭ ਤੋਂ ਬਾਹਰ ਜਾ ਕੇ ਵਰਤੋਂ ਕੀਤੀ ਜਾ ਰਹੀ ਹੈ। ਬੈਂਚ ਨੇ ਕਿਹਾ,‘‘ਤੁਸੀਂ ਕਿਸੇ ਮੁੱਦੇ ਦੀ ਵਰਤੋਂ ਕਰਨਾ ਚਾਹੁੰਦੇ ਹੋ, ਸਾਡੇ ਤੋਂ ਟਿੱਪਣੀ ਕਰਾਉਣਾ ਚਾਹੁੰਦੇ ਹੋ ਅਤੇ ਫਿਰ ਉਸ ਨੂੰ ਵਿਵਾਦਿਤ ਬਣਾਉਂਦੇ ਹੋ। ਇਸ ਮਗਰੋਂ ਤਾਂ ਸਿਰਫ਼ ਇਕ-ਦੂਜੇ ’ਤੇ ਦੂਸ਼ਣਬਾਜ਼ੀ ਹੀ ਹੁੰਦੀ ਹੈ।’’ ਸਿਖਰਲੀ ਅਦਾਲਤ ਨੇ ਇਹ ਜ਼ੁਬਾਨੀ ਟਿੱਪਣੀ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀ ਦਲੀਲ ’ਤੇ ਕੀਤੀ, ਜਿਸ ’ਚ ਕਿਹਾ ਗਿਆ ਸੀ ਕਿ ਪਰਾਲੀ ਸਾੜਨਾ ਹਵਾ ਪ੍ਰਦੂਸ਼ਣ ਦੇ ਕਾਰਨਾਂ ’ਚੋਂ ਇਕ ਹੈ ਜਿਸ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।-ਏਜੰਸੀ