ਨਵੀਂ ਦਿੱਲੀ:
ਸੁਪਰੀਮ ਕੋਰਟ ਆਬਕਾਰੀ ਨੀਤੀ ਘਪਲੇ ਦੇ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਦੋ ਪਟੀਸ਼ਨਾਂ ’ਤੇ ਭਲਕੇ ਫ਼ੈਸਲਾ ਸੁਣਾਏਗਾ। ਕੇਜਰੀਵਾਲ ਨੇ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਆਪਣੀ ਗ੍ਰਿਫ਼ਤਾਰੀ ਅਤੇ ਜ਼ਮਾਨਤ ਤੋਂ ਇਨਕਾਰ ਕੀਤੇ ਜਾਣ ਨੂੰ ਚੁਣੌਤੀ ਦਿੰਦਿਆਂ ਦੋ ਵੱਖੋ-ਵੱਖਰੀਆਂ ਅਰਜ਼ੀਆਂ ਦਾਖ਼ਲ ਕੀਤੀਆਂ ਹਨ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ 13 ਸਤੰਬਰ ਲਈ ਅਪਲੋਡ ਕੀਤੀ ਗਈ ਸੂਚੀ ਮੁਤਾਬਕ ਜਸਟਿਸ ਸੂਰਿਆਕਾਂਤ ਦੀ ਅਗਵਾਈ ਹੇਠਲਾ ਬੈਂਚ ਦੋਵੇਂ ਅਰਜ਼ੀਆਂ ’ਤੇ ਫ਼ੈਸਲਾ ਸੁਣਾਏਗਾ। ਬੈਂਚ ’ਚ ਜਸਟਿਸ ਉੱਜਲ ਭੂਈਆਂ ਵੀ ਸ਼ਾਮਲ ਹਨ ਅਤੇ ਬੈਂਚ ਨੇ 5 ਸਤੰਬਰ ਨੂੰ ਕੇਜਰੀਵਾਲ ਦੀਆਂ ਅਰਜ਼ੀਆਂ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਸੀਬੀਆਈ ਨੇ ਇਸ ਮਾਮਲੇ ’ਚ ‘ਆਪ’ ਸੁਪਰੀਮੋ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦਿੱਲੀ ਹਾਈ ਕੋਰਟ ਦੇ 5 ਅਗਸਤ ਦੇ ਉਸ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ’ਚ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਇਸ ਮਾਮਲੇ ’ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਸੀ। -ਪੀਟੀਆਈ