ਨਵੀਂ ਦਿੱਲੀ, 17 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਕੋਵਿਡ-19 ਕੇਸਾਂ ਦੀ ਵਧਦੀ ਗਿਣਤੀ ’ਤੇ ਵੱਡੀ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕਰੋਨਾਵਾਇਰਸ ਦੇ ‘ਦੂਜੇ ਹੱਲੇ’ ਦੇ ਟਾਕਰੇ ਲਈ ‘ਛੇਤੀ ਤੇ ਫੈਸਲਾਕੁਨ’ ਕਦਮ ਪੁੱਟਣ ਦਾ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਰੋਨਾਵਾਇਰਸ ਨੂੰ ਫੈਲਣ ਤੋੋਂ ਰੋਕਣ ਲਈ ‘ਟੈਸਟ, ਟਰੈਕ(ਕੇਸਾਂ ਦੀ ਪੈੜ ਨੱਪਣੀ) ਤੇ ਟਰੀਟ (ਇਲਾਜ)’ ਵਾਲੀ ਪਹੁੰਚ ਦਾ ਗੰਭੀਰਤਾ ਨਾਲ ਪਾਲਣ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸ੍ਰੀ ਮੋਦੀ ਨੇ ‘ਦਵਾਈ ਭੀ ਕੜਾਈ (ਸਖ਼ਤੀ) ਭੀ’ ਦਾ ਮੰਤਰ ਦੁਹਰਾਉਂਦਿਆਂ ਕਿਹਾ ਕਿ ਟੀਕਾਕਰਨ ਦੇ ਬਾਵਜੂਦ ਲੋਕ ਮਾਸਕ ਪਾਉਣ ਨੂੰ ਗੰਭੀਰਤਾ ਨਾਲ ਲੈਣ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਭਾਵੇਂ ਲੋਕਾਂ ਨੂੰ ਪੈਨਿਕ-ਮੋਡ (ਦਹਿਸ਼ਤ) ਵਿੱਚ ਪਾਉਣ ਦੀ ਲੋੜ ਨਹੀਂ, ਪਰ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੇ।
ਕਰੋਨਾ ਮਹਾਮਾਰੀ ਦੇ ਹਾਲਾਤ ਅਤੇ ਮੌਜੂਦਾ ਟੀਕਾਕਰਨ ਮੁਹਿੰਮ ਬਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲੀ ਰੂਬਰੂ ਹੁੰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰੋਗਾਂ ਖ਼ਿਲਾਫ਼ ਲੜਨ ਲਈ ਟੀਕਾਕਰਨ ਅਸਰਦਾਰ ਹਥਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵੱਧ ਤੋਂ ਵੱਧ ਟੀਕਾਕਰਨ ਸੈਂਟਰ ਸਥਾਪਿਤ ਕਰਨ, ਫਿਰ ਚਾਹੇ ਇਹ ਸਰਕਾਰੀ ਹੋਣ ਜਾਂ ਨਿੱਜੀ। ਜਨਵਰੀ ਵਿੱਚ ਸ਼ੁਰੂ ਹੋਈ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਮਗਰੋਂ ਪਹਿਲੀ ਵਾਰ ਮੁੱਖ ਮੰਤਰੀਆਂ ਦੇ ਰੂਬਰੂ ਹੁੰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਮਹਾਰਾਸ਼ਟਰ ਤੇ ਪੰਜਾਬ ਵਰਗੇ ਸੂਬਿਆਂ ’ਚ ਕੋਵਿਡ-19 ਕੇਸ ਲਗਾਤਾਰ ਵਧ ਰਹੇ ਹਨ ਜਦੋਂਕਿ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਵਿੱਚ ਕਰੋਨਾ ਕੇਸਾਂ ਦੀ ਪਾਜ਼ੇਟੀਵਿਟੀ ਦਰ ਨੇ ਇਕਦਮ ਸ਼ੂਟ ਵੱਟੀ ਹੈ। ਸ੍ਰੀ ਮੋਦੀ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ ਦੇਸ਼ ਦੇ ਸੱਤ ਰਾਜਾਂ ਵਿੱਚ ਪਾਜ਼ੇਟੀਵਿਟੀ ਦਰ 150 ਫੀਸਦ ਵਧ ਗਈ ਹੈ। ਉਨ੍ਹਾਂ ਕਿਹਾ, ‘ਜੇ ਅਸੀਂ ਇਸ ਨੂੰ ਇਥੇ ਹੀ ਨਾ ਰੋਕਿਆ ਤਾਂ ਪੂਰੇ ਦੇਸ਼ ਵਿੱਚ ਮਹਾਮਾਰੀ ਫੈਲਣ ਦੇ ਆਸਾਰ ਬਣ ਸਕਦੇ ਹਨ।’
ਸ੍ਰੀ ਮੋਦੀ ਨੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਟੈਸਟਿੰਗ ਦਾ ਘੇਰਾ ਵਧਾਉਂਦਿਆਂ ਹੋਰ ਉਪਰਾਲਿਆਂ ਦਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਕਈ ‘ਟੀਅਰ 2 ਤੇ 3’ ਸ਼ਹਿਰ, ਜੋ ਪਹਿਲਾਂ ‘ਸੁਰੱਖਿਅਤ ਜ਼ੋਨਾਂ’ ਵਿੱਚ ਨਜ਼ਰ ਆਉਂਦੇ ਸੀ, ਵਿੱਚ ਹੁਣ ਤੇਜ਼ੀ ਨਾਲ ਪਾਜ਼ੇਟਿਵ ਕੇਸਾਂ ’ਚ ਉਭਾਰ ਨਜ਼ਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਖਿਲਾਫ਼ ਲੜਾਈ ’ਚ ਭਾਰਤ ਦੀ ‘ਸਫ਼ਲਤਾ’ ਦਾ ਇਕ ਮੁੱਖ ਕਾਰਨ ਸਾਡੇ ਪਿੰਡ ਸਨ, ਜੋ ਇਸ ਰੋਗ ਦੀ ਮਾਰ ਤੋਂ ਦੂਰ ਸਨ। ਹੁਣ ਜੇਕਰ ਮਹਾਮਾਰੀ ਛੋਟੇ ਕਸਬਿਆਂ ਤੱਕ ਫੈਲ ਗਈ ਤਾਂ ਸਾਡੇ ਪੇਂਡੂ ਇਲਾਕੇ ਵੀ ਇਸ ਦੀ ਮਾਰ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਰਾਜਾਂ ਨੂੰ ਅਪੀਲ ਕੀਤੀ ਕਿ ਉਹ ਆਰਟੀ-ਪੀਸੀਆਰ ਟੈਸਟਾਂ ਦੀ ਗਿਣਤੀ ਨੂੰ ਵਧਾਉਣ, ਜੋ ਕਿ ਕੁੱਲ ਟੈਸਟਿੰਗ ਦਾ 70 ਫੀਸਦ ਤੋਂ ਵੱਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਹਿਸ਼ਤ ਵਿੱਚ ਪਾਉਣ ਦੀ ਕੋਈ ਲੋੜ ਨਹੀਂ ਹੈ, ਪਰ ਇਸ ਦੇ ਨਾਲ ਹੀ ਇਹ ਯਕੀਨੀ ਬਣਾਉਣ ਦੀ ਵੀ ਲੋੜ ਹੈ ਕਿ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲੇ। ਉਨ੍ਹਾਂ ਕਿਹਾ ਕਿ ‘ਟੈਸਟ, ਟਰੈਕ ਤੇ ਟਰੀਟ’ ਨੂੰ ਸੰਜੀਦਗੀ ਨਾਲ ਲਿਆ ਜਾਵੇ ਕਿਉਂਕਿ ਕਰੋਨਾ ਦੇ ਹਮਲੇ ਨੂੰ ਇਕ ਸਾਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਦੀ ਬਰਬਾਦੀ ਨੂੰ ਵੀ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤਿਲੰਗਾਨਾ ਤੇ ਆਂਧਰਾ ਪ੍ਰਦੇਸ਼ ’ਚ ਇਹ ਦਰ ਦਸ ਫੀਸਦ ਤੋਂ ਵੱਧ ਹੈ ਜਦੋਂਕਿ ਉੱਤਰ ਪ੍ਰਦੇਸ਼ ’ਚ ਹਾਲਾਤ ਕੋਈ ਬਹੁਤੇ ਚੰਗੇ ਨਹੀਂ ਹਨ।
ਵਰਚੁਅਲ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਜ਼ਿਲ੍ਹਿਆਂ ਨੂੰ ਸੂਚੀਬੰਦ ਕੀਤਾ, ਜਿੱਥੇ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਮੀਟਿੰਗ ਦੌਰਾਨ ਪੱਛਮੀ ਬੰਗਾਲ ਤੇ ਛੱਤੀਸਗੜ੍ਹ ਸਮੇਤ ਕੁਝ ਹੋਰ ਰਾਜਾਂ ਦੇ ਮੁੱਖ ਮੰਤਰੀ ਗ਼ੈਰਹਾਜ਼ਰ ਰਹੇ। -ਪੀਟੀਆਈ
ਟੀਕਾਕਰਨ ਕਾਰਜਨੀਤੀ ਨੂੰ ਮੁੜ ਵਿਚਾਰੇ ਕੇਂਦਰ ਸਰਕਾਰ: ਅਮਰਿੰਦਰ
ਚੰਡੀਗੜ੍ਹ(ਚਰਨਜੀਤ ਭੁੱਲਰ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਵਿਡ-19 ਕੇਸਾਂ ਦੀ ਗਿਣਤੀ ਵਿੱਚ ਵਾਧੇ ਦੇ ਹਵਾਲੇ ਨਾਲ ਕੇਂਦਰ ਸਰਕਾਰ ਨੂੰ ਟੀਕਾਕਰਨ ਕਾਰਜਨੀਤੀ ਨੂੰ ਮੁੜ ਵਿਚਾਰਨ ਦੀ ਅਪੀਲ ਕੀਤੀ ਹੈ ਤਾਂ ਜੋ ਚੋਣਵੇਂ ਖੇਤਰਾਂ ਵਿੱਚ ਟੀਕਾਕਰਨ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਕੋਲੋਂ ਸੂਬਾਈ ਆਫ਼ਤ ਰਾਹਤ ਫੰਡ ਕੋਵਿਡ ਪ੍ਰਬੰਧਨ ਲਈ ਵਰਤਣ ਦੀ ਵੀ ਆਗਿਆ ਮੰਗੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਇਸ ਲਈ ਤੁਰੰਤ ਪ੍ਰਵਾਨਗੀ ਦੇਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਵਿਡ ਦੀ ਸਥਿਤੀ ਦੇ ਜਾਇਜ਼ੇ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਵਰਚੁਅਲ ਮੀਟਿੰਗ ਦੌਰਾਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਕੋਵਿਡ ਦੀ ਸਥਿਤੀ ਅਤੇ ਰਾਜ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਚਾਣਨਾ ਪਾਇਆ। ਮੁੱਖ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਵਧ ਕੇ 12,616 ਹੋ ਗਈ ਹੈ ਅਤੇ ਰੋਜ਼ਾਨਾ ਪਾਜ਼ੇਟੀਵਿਟੀ ਦਰ 5 ਫੀਸਦੀ ਤੋਂ ਟੱਪ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੀਤੀ ਤਿਆਰ ਕਰ ਰਹੀ ਹੈ ਅਤੇ ਭਲਕ ਤੋਂ ਮੁੜ ਸਖ਼ਤੀ ਵਰਤੀ ਜਾਵੇਗੀ। ਮੁੱਖ ਮੰਤਰੀ ਨੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ, ਜੱਜਾਂ, ਬੱਸ ਡਰਾਈਵਰਾਂ ਤੇ ਕੰਡਕਟਰਾਂ, ਪੰਚਾਂ/ਸਰਪੰਚਾਂ, ਮੇਅਰ/ਨਗਰ ਕੌਂਸਲਾਂ ਦੇ ਪ੍ਰਧਾਨਾਂ/ਕੌਂਸਲਰਾਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਆਦਿ ਲਈ ਪੇਸ਼ਾ ਅਧਾਰਿਤ ਟੀਕਾਕਰਨ ਲਈ ਆਖਿਆ ਤਾਂ ਕਿ ਅਹਿਮ ਸਰਗਰਮੀਆਂ ਆਮ ਵਾਂਗ ਚਲਾਉਣ ਲਈ ਰਾਹ ਪੱਧਰਾ ਹੋ ਸਕੇ। ਉਨ੍ਹਾਂ ਅਦਾਲਤਾਂ ਅਤੇ ਸਕੂਲ-ਕਾਲਜ ਛੇਤੀ ਖੋਲ੍ਹਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਦੱਸਿਆ ਕਿ ਸਮਾਜਿਕ ਤੇ ਧਾਰਮਿਕ ਇਕੱਠ ਅਤੇ ਸਕੂਲਾਂ, ਕਾਲਜਾਂ ਨੂੰ ਆਮ ਵਾਂਗ ਖੋਲ੍ਹਣ ਦੇ ਯਤਨਾਂ ਵਿਚ ਢਿੱਲ ਵਰਤਣ ਕਰਕੇ ਕੇਸ ਵਧੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਹਫ਼ਤਾਵਾਰੀ ਟੈਸਟਿੰਗ ਦੌਰਾਨ ਪਾਜ਼ੇਟੀਵਿਟੀ ਦਰ ਦੁੱਗਣੀ ਵਾਲੇ ਇਲਾਕਿਆਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਲਈ ਤੁਰੰਤ ਵਿਚਾਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਹੁਣ ਤੱਕ 54 ਲੱਖ ਟੈਸਟ ਕੀਤੇ ਗਏ ਹਨ ਜਿਸ ਵਿੱਚੋਂ 1.99 ਲੱਖ ਪਾਜ਼ੇਟਿਵ ਪਾਏ ਗਏ ਅਤੇ ਇਸ ਵਾਇਰਸ ਨਾਲ ਹੁਣ ਤੱਕ 6099 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਸਿਫਾਰਸ਼ ਕੀਤੀ ਕਿ ਚੋਣਵੇਂ ਖੇਤਰਾਂ ਵਿੱਚ ਗੁਰਦੇ ਅਤੇ ਜਿਗਰ ਦੀਆਂ ਸਹਿ-ਬਿਮਾਰੀਆਂ ਵਾਲੇ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੀ ਕਵਰ ਕਰਨਾ ਚਾਹੀਦਾ ਹੈ ਕਿਉਂ ਜੋ ਪੰਜਾਬ ਵਿਚ ਦੂਜਾ ਸਿਖਰ ਜਾਰੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ 50 ਫ਼ੀਸਦੀ ਤੋਂ ਵੱਧ ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੇ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਲੈ ਲਈ ਹੈ। ਇਸ ਦੇ ਨਾਲ ਹੀ 60 ਸਾਲ ਤੋਂ ਵੱਧ ਉਮਰ ਅਤੇ 45 ਸਾਲ ਤੋਂ ਵੱਧ ਉਮਰ ਦੇ ਸਹਿ-ਰੋਗਾਂ ਨਾਲ ਪੀੜਤ 1.10 ਲੱਖ ਤੋਂ ਵੱਧ ਆਮ ਲੋਕਾਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਅਤੇ ਟੀਕਾਕਰਨ ਸਬੰਧੀ ਅਫ਼ਵਾਹਾਂ ਖ਼ਾਰਜ ਕਰਨ ਲਈ ‘ਮਿਸ਼ਨ ਫ਼ਤਹਿ’ ਰਾਹੀਂ ਵਿਆਪਕ ਸੋਸ਼ਲ ਮੀਡੀਆ ਮੁਹਿੰਮ ਚਲਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕੋਵਿਡ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਆਇਦ ਕੀਤੀਆਂ ਪਾਬੰਦੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਪੰਜਾਬ ’ਚ 35 ਹੋਰ ਵਿਅਕਤੀਆਂ ਦੀ ਮੌਤ
ਚੰਡੀਗੜ (ਦਵਿੰਦਰ ਪਾਲ): ਪੰਜਾਬ ’ਚ ਫਰਵਰੀ ਮਹੀਨੇ ਦੇ ਅੱਧ ਤੋਂ ਬਾਅਦ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸੂਬੇ ਵਿੱਚ ਬੀਤੇ 24 ਘੰਟਿਆਂ ਦੌਰਾਨ 2039 ਵਿਅਕਤੀ ਕਰੋਨਾ ਪਾਜ਼ੇਟਿਵ ਆਏ ਹਨ ਅਤੇ 35 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਕਰੋਨਾ ਦੇ ਵਧਦੇ ਪ੍ਰਭਾਵ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਸਮੇਤ ਹੋਰਨਾਂ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਵੀ ਕੀਤੀ। ਪੰਜਾਬ ’ਚ ਲਾਗ ਦਾ ਸ਼ਿਕਾਰ ਵਿਅਕਤੀਆਂ ਦਾ ਰੋਜ਼ਾਨਾ ਅੰਕੜਾ ਦੋ ਹਜ਼ਾਰ ਤੋਂ ਟੱਪ ਗਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ 40 ਕੁ ਦਿਨ ਜ਼ਿਆਦਾ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਬੀਤੇ 24 ਘੰਟਿਆਂ ਦੌਰਾਨ ਜਲੰਧਰ ਵਿੱਚ ਸੱਤ, ਨਵਾਂਸ਼ਹਿਰ ਵਿੱਚ ਛੇ, ਹੁਸ਼ਿਆਰਪੁਰ ਤੇ ਲੁਧਿਆਣਾ ਵਿੱਚ ਪੰਜ-ਪੰਜ, ਤਰਨ ਤਾਰਨ ਵਿੱਚ ਤਿੰਨ, ਸੰਗਰੂਰ ਅਤੇ ਅੰਮ੍ਰਿਤਸਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।