ਕੇਵੜੀਆ (ਗੁਜਰਾਤ), 15 ਅਕਤੂਬਰ
ਨਿਆਂ ਵਿੱਚ ਦੇਰੀ ਨੂੰ ਦੇਸ਼ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੇ ਆਤਮਵਿਸ਼ਵਾਸ ਅਤੇ ਵਿਕਾਸ ਲਈ ਭਰੋਸੇਮੰਦ ਅਤੇ ਤੇਜ਼ ਨਿਆਂ ਪ੍ਰਣਾਲੀ ਬਹੁਤ ਜ਼ਰੂਰੀ ਹੈ। ਆਨਲਾਈਨ ਮਾਧਿਅਮ ਰਾਹੀਂ ਇੱਥੇ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੀ ਆਲ ਇੰਡੀਆ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਨਿਆਂ ਮਿਲਦਾ ਨਜ਼ਰ ਆਉਂਦਾ ਹੈ ਤਾਂ ਸੰਵਿਧਾਨਕ ਸੰਸਥਾਵਾਂ ਵਿੱਚ ਦੇਸ਼ ਵਾਸੀਆਂ ਦਾ ਭਰੋਸਾ ਮਜ਼ਬੂਤ ਹੁੰਦਾ ਹੈ ਅਤੇ ਉਨ੍ਹਾਂ ਦਾ ਆਤਮਵਿਸ਼ਵਾਸ ਵੀ ਵਧਦਾ ਹੈ।