ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਪਰੈਲ
ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਜੋ ਕਿ 25 ਅਪਰੈਲ ਨੂੰ ਹੋਣੀਆਂ ਤੈਅ ਹੋਈਆਂ ਹਨ, ਮੁਲਤਵੀ ਨਾ ਕੀਤੀਆਂ ਜਾਣ। ਦਿੱਲੀ ਵਿਚ 26 ਅਪਰੈਲ ਸਵੇਰ ਤੱਕ ਲੌਕਡਾਊਨ ਐਲਾਨ ਦਿੱਤਾ ਗਿਆ ਹੈ ਜਿਸ ਵਿਚ ਕੁਝ ਜ਼ਰੂਰੀ ਸੇਵਾਵਾਂ ਨੂੰ ਹੀ ਇਜਾਜ਼ਤ ਦਿੱਤੀ ਗਈ ਹੈ ਤੇ ਪਬਲਿਕ ਟਰਾਂਸਪੋਰਟ ਦੇ ਨਾਲ-ਨਾਲ ਹੋਰ ਵੀ ਕਈ ਸੁਵਿਧਾਵਾਂ ਖੁੱਲ੍ਹੀਆਂ ਰਹਿਣਗੀਆਂ। ਇਸ ਲਈ 25 ਅਪਰੈਲ ਨੂੰ ਗੁਰਦੁਆਰਾ ਕਮੇਟੀ ਦੇ ਵੋਟਰਾਂ ਨੂੰ ਕਰੋਨਾ ਦੀਆਂ ਸਾਵਧਾਨੀਆਂ ਵਰਤ ਕੇ ਪੋਲਿੰਗ ਬੂਥ ’ਤੇ ਜਾ ਕੇ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਇਹ ਧਾਰਮਿਕ ਚੋਣਾਂ ਹਨ। ਇਨ੍ਹਾਂ ਚੋਣਾਂ ’ਚ ਰਾਜਨੀਤਕ ਚੋਣਾਂ ਵਾਂਗੂ ਚੋਣ ਪ੍ਰਚਾਰ ਨਹੀਂ ਹੋਣਾ ਚਾਹੀਦਾ। ਫੂਲਕਾ ਨੇ ਲਿਖਿਆ ਕਿ ਹੁਣ ਲੌਕਡਾਊਨ ਦਾ ਐਲਾਨ ਹੋ ਚੁੱਕਾ ਹੈ, ਇਸ ਕਰਕੇ ਲੌਕਡਾਊਨ ਵਿੱਚ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਕਿਸੇ ਵੀ ਉਮੀਦਵਾਰ ਨੂੰ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੋ ਵੀ ਦਿੱਲੀ ਗੁਰਦੁਆਰਾ ਕਮੇਟੀ ਦੇ ਚੋਣਾਂ ਬਾਰੇ ਨਿਯਮ ਹਨ, ਉਸ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਚੋਣ ਪ੍ਰਚਾਰ ਲਈ ਸਮਾਂ ਦੇਣਾ ਜ਼ਰੂਰੀ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਹ ਵੀ ਕਿਹਾ ਹੈ ਕਿ ਕੁਦਤਰੀ ਆਫ਼ਤ ਪ੍ਰਬੰਧਨ ਅਥਾਰਿਟੀ (ਐਨਡੀਐਮਏ) ਤੇ ਡਾਇਰੈਕਟਰ, ਗੁਰਦੁਆਰਾ ਇਲੈਕਸ਼ਨ ਕਮਿਸ਼ਨ ਇਹ ਹਦਾਇਤਾਂ ਜਾਰੀ ਕਰਨ ਤੇ ਆਦਰਸ਼ ਚੋਣ ਜ਼ਾਬਤੇ ਵਿੱਚ ਇਹ ਜੋੜਿਆ ਜਾਵੇ ਕਿ ਕੋਈ ਵੀ ਉਮੀਦਵਾਰ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਨੂੰ ਅਯੋਗ ਠਹਿਰਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਨੂੰ ਉਹ ਧਾਰਮਿਕ ਤਰੀਕੇ ਨਾਲ ਕਰਵਾਉਣ ਦੀ ਹੀ ਮੰਗ ਕਰਨ।