ਨਵੀਂ ਦਿੱਲੀ, 27 ਸਤੰਬਰ
ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ‘ਘੁਟਾਲਾ’ ਮਾਮਲੇ ਵਿੱਚ ਅੱਜ ਕਾਰੋਬਾਰੀ ਵਿਜੈ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੁਲਜ਼ਮ ਹਨ। ਕੇਂਦਰੀ ਜਾਂਚ ਏਜੰਸੀ ਦੀ ਇਸ ਮਾਮਲੇ ਵਿੱਚ ਇਹ ਪਹਿਲੀ ਗ੍ਰਿਫ਼ਤਾਰੀ ਹੈ। ਸੂਤਰਾਂ ਨੇ ਦੱਸਿਆ ਕਿ ਨਾਇਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਇਰ ਮਨੋਰੰਜਨ ਤੇ ਪ੍ਰੋਗਰਾਮ ਪ੍ਰਬੰਧਨ ਕੰਪਨੀ ‘ਓਨਲੀ ਮਚ ਲਾਊਡਰ’ ਦਾ ਸਾਬਕਾ ਸੀਈਓ ਹੈ। ਉਹ ਆਬਕਾਰੀ ਘੁਟਾਲਾ ਮਾਮਲੇ ਦੇ ਪ੍ਰਮੁੱਖ ਸ਼ੱਕੀਆਂ ਵਿੱਚੋਂ ਇੱਕ ਹੈ। ਸੀਬੀਆਈ ਨੇ ਉਸ ਨੂੰ ਪੁੱਛਗਿੱਛ ਲਈ ਆਪਣੇ ਦਫ਼ਤਰ ਸੱਦਿਆ ਸੀ।
ਜਾਂਚ ਵਿੱਚ ਸ਼ਾਮਲ ਹੋਣ ਲਈ ਉਹ ਲੰਡਨ ਤੋਂ ਪਰਤਿਆ ਸੀ ਅਤੇ ਪੁੱਛਗਿੱਛ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੀਬੀਆਈ ਨੇ ਦੋਸ਼ ਲਾਇਆ ਕਿ ਨਾਇਰ ਦੀ ਸਾਲ 2021-22 ਲਈ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਹੋਈਆਂ ਬੇਨਿਯਮੀਆਂ ਵਿੱਚ ਸਰਗਰਮ ਭੂਮਿਕਾ ਸੀ। –ਆਈਏਐੱਨਐੱਸ