ਨਵੀਂ ਦਿੱਲੀ, 18 ਅਗਸਤ
ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਵੱਲੋਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਹੇਠਲੀ ਅਦਾਲਤ ਨੇ ਪੁਲੀਸ ਨੂੰ ਔਰਤ ਦੀ ਸ਼ਿਕਾਇਤ ‘ਤੇ ਹੁਸੈਨ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। ਜਸਟਿਸ ਆਸ਼ਾ ਮੈਨਨ ਨੇ ਕਿਹਾ ਕਿ ਐੱਫਆਈਆਰ ਦਰਜ ਕਰਨ ਲਈ ਹੇਠਲੀ ਅਦਾਲਤ ਦੇ 2018 ਦੇ ਨਿਰਦੇਸ਼ਾਂ ਵਿੱਚ ਕੁਝ ਵੀ ਗਲਤ ਨਹੀਂ ਹੈ ਅਤੇ ਅੰਤਰਿਮ ਆਦੇਸ਼ ਰੱਦ ਕੀਤਾ ਜਾਂਦਾ ਹੈ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ, ‘ਮੌਜੂਦਾ ਪਟੀਸ਼ਨ ਵਿਚਾਰਨਯੋਗ ਨਹੀਂ ਹੈ। ਪਟੀਸ਼ਨ ਖਾਰਜ ਕਰ ਦਿੱਤੀ ਜਾਂਦੀ ਹੈ। ਅੰਤਰਿਮ ਹੁਕਮ ਨੂੰ ਪਾਸੇ ਕਰ ਦਿੱਤਾ ਗਿਆ ਹੈ। ਐੱਫਆਈਆਰ ਤੁਰੰਤ ਦਰਜ ਕੀਤੀ ਜਾਵੇ। ਜਾਂਚ ਪੂਰੀ ਕੀਤੀ ਜਾਣੀ ਚਾਹੀਦੀ ਹੈ ਅਤੇ ਸੀਆਰਪੀਸੀ ਦੀ ਧਾਰਾ 173 ਦੇ ਤਹਿਤ ਵਿਸਤ੍ਰਿਤ ਰਿਪੋਰਟ ਤਿੰਨ ਮਹੀਨਿਆਂ ਦੇ ਅੰਦਰ ਮੈਟਰੋਪੋਲੀਟਨ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤੀ ਜਾਣੀ ਚਾਹੀਦੀ ਹੈ।