ਨਵੀਂ ਦਿੱਲੀ, 16 ਮਾਰਚ
ਇੰਡੀਅਨ ਯੂਥ ਕਾਂਗਰਸ (ਆਈਵੀਸੀ) ਅਤੇ ਕਿਸਾਨ ਕਾਂਗਰਸ ਨੇ ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਵੱਲੋਂ ਕਿਸਾਨਾਂ ਨੂੰ ‘ਅਤਿਵਾਦੀ’ ਕਹਿਣ ਦੀ ਨਿਖੇਧੀ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਯੂਥ ਕਾਂਗਰਸ ਦੇ ਕੌਮੀ ਮੀਡੀਆ ਇੰਚਾਰਜ ਰਾਹੁਲ ਰਾਓ ਦੀ ਅਗਵਾਈ ਕਾਂਗਰਸ ਪਾਰਟੀ ਦੇ ਦਫ਼ਤਰ ਤੋਂ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਭਾਜਪਾ ਸੰਸਦ ਮੈਂਬਰ ਦੀ ਅਰਥੀ ਸਾੜੀ ਗਈ। ਦਿੱਲੀ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਾਕਸ਼ੀ ਮਹਾਰਾਜ ਨੇ ਸੋਮਵਾਰ ਨੂੰ ‘ਅਤਿਵਾਦੀ ਜਾਂ ਖਾਲਿਸਤਾਨੀ’ ਆਖ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਭਾਜਪਾ ਸੰਸਦ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਇਹ ਪ੍ਰਦਰਸ਼ਨਕਾਰੀ ਅਤਿਵਾਦੀ ਜਾਂ ਖਾਲਿਸਤਾਨੀ ਹਨ, ਪਰ ਕਿਸਾਨ ਨਹੀਂ ਹਨ।’’ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ ਵੀ ਨੇ ਕਿਹਾ, ‘‘ਸੰਘਰਸ਼ਸ਼ੀਲ ਕਿਸਾਨਾਂ ਪ੍ਰਤੀ ਮੋਦੀ ਸਰਕਾਰ ਦੇ ਸੰਸਦ ਮੈਂਬਰਾਂ ਦਾ ਰਵੱਈਆ ਬਹੁਤ ਹੀ ਸ਼ਰਮਨਾਕ ਹੈ।’’ ਯੂਥ ਆਗੂਆਂ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਕਿਸਾਨਾਂ ਨਾਲ ਖੜ੍ਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਉਦਯੋਗਿਕ ਘਰਾਣਿਆਂ ਲਈ ਕੰਮ ਕਰ ਰਹੀ ਹੈ। ਕਿਸਾਨ ਕਾਂਗਰਸ ਵਾਈਸ ਚੇਅਰਮੈਨ ਸੁਰੇਂਦਰਾ ਸੋਲੰਕੀ ਨੇ ਕਿਹਾ ਕਿ ਇਸ ਤੋਂ ਸਾਕਸ਼ੀ ਮਹਾਰਾਜ ਦੀ ਸਮਝ ਦਾ ਪਤਾ ਚੱਲਦਾ ਹੈ। ਉਨ੍ਹਾਂ ਕਿਹਾ, ‘‘ਉਨ੍ਹਾਂ ਨੂੰ ਤੁਰੰਤ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਭਾਜਪਾ ਨੂੰ ਆਪਣੇ ਸੰਸਦ ਮੈਂਬਰ ਨੂੰ ਬਰਖਾਸਤ ਕਰਨਾ ਚਾਹੀਦਾ ਹੈ।’’ ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਪੱਛਮੀ ਉਤਰ ਪ੍ਰਦੇਸ਼ ਦੇ ਕਿਸਾਨ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ 26 ਨਵੰਬਰ ਤੋਂ ਕੌਮੀ ਰਾਜਧਾਨੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। -ਆਈਏਐੱਨਐੱਸ