ਨਵੀ ਦਿੱਲੀ, 8 ਜੂਨ
ਸੁਪਰੀਮ ਕੋਰਟ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੈਫੂਦੀਨ ਸੋਜ਼ ਦੀ ਨਜ਼ਰਬੰਦੀ ਖਿਲਾਫ਼ ਉਨ੍ਹਾਂ ਦੀ ਪਤਨੀ ਦੀ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਸੈਫੂਦੀਨ ਸੋਜ਼ ਬੀਤੇ ਵਰ੍ਹੇ 5 ਅਗਸਤ ਤੋਂ ਆਪਣੇ ਘਰ ਵਿੱਚ ਨਜ਼ਰਬੰਦ ਹਨ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਮੁਮਤਾਜੁਨਿਸਾ ਦੀ ਅਪੀਲ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਦੌਰਾਨ ਕੇਂਦਰ ਅਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਕੇਂਦਰ ਅਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਜੁਲਾਈ ਦੇ ਦੂਜੇ ਹਫ਼ਤੇ ਤਕ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਮੁਮਤਾਜੁਨਿਸਾ ਨੇ ਪਟੀਸ਼ਨ ਵਿੱਚ ਸੋਜ਼ ਦੀ ਨਜ਼ਰਬੰਦੀ ਦੇ ਹੁਕਮਾਂ ਨੂੰ ਖਾਰਜ ਕਰਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।