* ਗ਼ੈਰ-ਕਾਨੂੰਨੀ ਢੰਗ ਨਾਲ ਬਣਾਈ ਸੰਪਤੀਆਂ ਦੀ ਵੀ ਕੀਤੀ ਪਛਾਣ
* ਜੇਲ੍ਹ ’ਚ ਬੰਦ ਨਸ਼ਾ ਤਸਕਰਾਂ ਨਾਲ ਸਨ ਸਬੰਧ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਬੈਂਕ ਖ਼ਾਤਿਆਂ ’ਚ ਪਏ 7 ਕਰੋੜ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ ਵੱਡੀ ਮਾਤਰਾ ’ਚ ਸੋਨਾ ਅਤੇ ਵਿਦੇਸ਼ੀ ਕਰੰਸੀ ਵੀ ਬਰਾਮਦ ਕੀਤੀ ਗਈ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਡਰੱਗ ਇੰਸਪੈਕਟਰ ਸ਼ੀਸ਼ਨ ਮਿੱਤਲ ਨੂੰ ਮੁਹਾਲੀ ਦੇ ਐਰੋਸਿਟੀ ਤੋਂ ਕਾਬੂ ਕੀਤਾ ਹੈ ਜਿਸ ’ਤੇ ਗ਼ੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਸਬੰਧੀ ਗਤੀਵਿਧੀਆਂ ’ਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਰਿਸ਼ਤੇਦਾਰਾਂ ਦੇ ਨਾਮ ’ਤੇ ਬੇਨਾਮੀ ਖ਼ਾਤਿਆਂ ਵਿੱਚ ਰੱਖਣ ਦੇ ਇਲਜ਼ਾਮ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਡਰੱਗ ਇੰਸਪੈਕਟਰ ਦੇ ਦੋ ਦਰਜਨ ਬੈਂਕ ਖ਼ਾਤੇ ਖੰਗਾਲੇ ਗਏ, ਜਿਨ੍ਹਾਂ ’ਚੋਂ 7.09 ਕਰੋੜ ਰੁਪਏ ਦੀ ਰਕਮ ਦਾ ਪਤਾ ਲੱਗਿਆ ਹੈ ਅਤੇ ਇਨ੍ਹਾਂ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਪੁਲੀਸ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਡਰੱਗ ਇੰਸਪੈਕਟਰ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਜਿਥੋਂ ਭਾਰੀ ਮਾਤਰਾ ਵਿਚ ਨਗਦੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਮੁਲਜ਼ਮ ਦੇ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੱਗ ਇੰਸਪੈਕਟਰ ਜੇਲ੍ਹ ’ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬਾਹਰੋਂ ਉਨ੍ਹਾਂ ਦੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਚਲਾਉਣ ਵਿੱਚ ਸਹਾਇਤਾ ਕਰ ਰਿਹਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਉਹ ਸਰਕਾਰ ਤੋਂ ਇਜਾਜ਼ਤ ਲਏ ਜਾਂ ਐਕਸ-ਇੰਡੀਆ ਲੀਵ ਲਏ ਬਿਨਾਂ ਅਕਸਰ ਵਿਦੇਸ਼ਾਂ ਵਿੱਚ ਘੁੰਮਦਾ ਰਹਿੰਦਾ ਸੀ। ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਏਐੱਨਟੀਐੱਫ ਨੇ ਮਿੱਤਲ ਕੋਲੋਂ 1.49 ਕਰੋੜ ਰੁਪਏ ਦੀ ਨਗਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਗ਼ੈਰ-ਕਾਨੂੰਨੀ ਢੰਗ ਨਾਲ ਬਣਾਈਆਂ ਸੰਪਤੀਆਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਜ਼ੀਰਕਪੁਰ ’ਚ 2 ਕਰੋੜ ਰੁਪਏ ਦੇ ਮੁੱਲ ਦੇ ਫਲੈਟ, ਡੱਬਵਾਲੀ ਵਿੱਚ 40 ਲੱਖ ਰੁਪਏ ਦਾ ਪਲਾਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਦੱਸਣਯੋਗ ਹੈ ਕਿ ਮਿੱਤਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਹਾਲ ਹੀ ਵਿੱਚ ਸੈਸ਼ਨ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਸੀ, ਜਿਸ ਨਾਲ ਉਸ ਵਿਰੁੱਧ ਦੋਸ਼ਾਂ ਦੀ ਗੰਭੀਰਤਾ ਹੋਰ ਵਧੇਰੇ ਸਪੱਸ਼ਟ ਹੋ ਗਈ ਸੀ। ਇਸ ਸਬੰਧੀ ਐੱਫਆਈਆਰ ਨੰ. 121/2024 ਤਹਿਤ ਐੱਨਡੀਪੀਐੱਸ ਐਕਟ ਦੀ ਧਾਰਾ 29 ਅਤੇ 59 ਅਤੇ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀ ਧਾਰਾ 111 ਅਧੀਨ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।