ਨਵੀਂ ਦਿੱਲੀ: ਵਿਦੇਸ਼ ਸਕੱਤਰ ਵਿਕਰਮ ਮਿਸਰੀ 6 ਨਵੰਬਰ ਨੂੰ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਨੂੰ ਭਾਰਤ-ਕੈਨੇਡਾ ਸਬੰਧਾਂ ਬਾਰੇ ਜਾਣਕਾਰੀ ਦੇਣਗੇ। ਕੈਨੇਡਾ ਦੇ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ’ਤੇ ਖਾਲਿਸਤਾਨ ਹਮਾਇਤੀ ਅਤਿਵਾਦੀ ਹਰਜੀਤ ਸਿੰਘ ਨਿੱਝਰ ਦੀ ਹੱਤਿਆ ਦਾ ਹੁਕਮ ਦੇਣ ਦਾ ਦੋਸ਼ ਲਾਏ ਜਾਣ ਮਗਰੋਂ ਭਾਰਤ ਤੇ ਕੈਨੇਡਾ ਦੇ ਸਬੰਧ ਪ੍ਰਭਾਵਿਤ ਹੋਏ ਹਨ। ਮਿਸਰੀ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ (ਐੱਲਏਸੀ) ’ਤੇ ਮੁੜ ਤੋਂ ਗਸ਼ਤ ਸ਼ੁਰੂ ਕਰਨ ਸਬੰਧੀ ਸਮਝੌਤੇ ਮਗਰੋਂ ਚੀਨ ਨਾਲ ਭਾਰਤ ਦੇ ਸਬੰਧਾਂ ’ਚ ਹਾਲ ਹੀ ਵਿੱਚ ਹੋਏ ਸੁਧਾਰ ਬਾਰੇ ਵੀ ਸੰਸਦੀ ਕਮੇਟੀ ਨੂੰ ਜਾਣਕਾਰੀ ਦੇ ਸਕਦੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਨਿੱਝਰ ਦੀ ਹੱਤਿਆ ’ਚ ਸਿਖਰਲੇ ਭਾਰਤੀ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਦੋਸ਼ ਲਾਏ ਜਾਣ ਮਗਰੋਂ ਭਾਰਤ ਤੇ ਕੈਨੇਡਾ ਦੇ ਸਬੰਧ ’ਚ ਤਣਾਅ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ। ਕੈਨੇਡਾ ਦੇ ਉਪ ਵਿਦੇਸ਼ ਮੰਤਰੀ ਡੇਵਿਡ ਮੌਰੀਸਨ ਨੇ ਲੰਘੇ ਮੰਗਲਵਾਰ ਦੋਸ਼ ਲਾਇਆ ਸੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ਅੰਦਰ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ, ਧਮਕੀ ਤੇ ਖੁਫੀਆ ਜਾਣਕਾਰੀ ਹਾਸਲ ਕਰਨ ਦੀ ਮੁਹਿੰਮ ਚਲਾਉਣ ਦਾ ਨਿਰਦੇਸ਼ ਦਿੱਤਾ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਭਾਰਤ ਦਾ ਕਹਿਣਾ ਹੈ ਕਿ ਦੋਵਾਂ ਮੁਲਕਾਂ ਵਿਚਾਲੇ ਮੁੱਖ ਮੁੱਦਾ ਇਹ ਹੈ ਕਿ ਕੈਨੇਡਾ ਖਾਲਿਸਤਾਨੀ ਹਮਾਇਤੀਆਂ ਨੂੰ ਬਿਨਾਂ ਕਿਸੇ ਰੋਕ-ਟੋਕ ਦੇ ਆਪਣੀ ਧਰਤੀ ਤੋਂ ਗਤੀਵਿਧੀਆਂ ਚਲਾਉਣ ਦੀ ਇਜਾਜ਼ਤ ਦੇ ਰਿਹਾ ਹੈ। ਭਾਰਤ ਨੇ ਪਿਛਲੇ ਮਹੀਨੇ ਕੈਨੇਡਾ ਦੇ ਦੋਸ਼ ਖਾਰਜ ਕਰਦਿਆਂ ਛੇ ਕੈਨੇਡਿਆਈ ਕੂਟਨੀਤਕਾਂ ਨੂੰ ਕੱਢ ਦਿੱਤਾ ਸੀ ਅਤੇ ਆਪਣੇ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਕੁਝ ਹੋਰ ਕੂਟਨੀਤਕਾਂ ਨੂੰ ਕੈਨੇਡਾ ਤੋਂ ਵਾਪਸ ਸੱਦ ਲਿਆ ਸੀ। -ਪੀਟੀਆਈ