ਨਵੀਂ ਦਿੱਲੀ (ਪੱਤਰ ਪ੍ਰੇਰਕ): ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਪੁੱਛ-ਪੜਤਾਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤੇ ਹਨ। ਸਰਕਾਰੀ ਸੂਤਰਾਂ ਨੇ ਕਿਹਾ ਕਿ ‘ਆਪ’ ਕਨਵੀਨਰ ਨੂੰ ਈਡੀ ਦੇ ਦਫ਼ਤਰ ’ਚ 18 ਜਨਵਰੀ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ। ‘ਆਪ’ ਦੀ ਗੋਆ ਇਕਾਈ ਦੇ ਮੁਖੀ ਅਮਿਤ ਪਾਲੇਕਰ ਮੁਤਾਬਕ ਕੇਜਰੀਵਾਲ ਪਾਰਟੀ ਆਗੂਆਂ ਅਤੇ ਵਾਲੰਟੀਅਰਾਂ ਨਾਲ ਗੱਲਬਾਤ ਲਈ 18 ਤੋਂ 20 ਜਨਵਰੀ ਤੱਕ ਗੋਆ ’ਚ ਰਹਿਣ ਵਾਲੇ ਹਨ। ਕੇਜਰੀਵਾਲ 3 ਜਨਵਰੀ ਨੂੰ ਤੀਜੀ ਵਾਰ ਈਡੀ ਅੱਗੇ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਨੂੰ ਪਿਛਲੇ ਸਾਲ 2 ਨਵੰਬਰ ਅਤੇ 21 ਦਸੰਬਰ ਨੂੰ ਵੀ ਪੇਸ਼ ਹੋਣ ਲਈ ਆਖਿਆ ਗਿਆ ਸੀ। ਨਵਾਂ ਨੋਟਿਸ ਜਾਰੀ ਕਰਕੇ ਈਡੀ ਨੇ ਕੇਜਰੀਵਾਲ ਦੀ ਇਸ ਦਲੀਲ ਨੂੰ ਮੁੜ ਖਾਰਜ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨ ‘ਕਾਨੂੰਨ ਮੁਤਾਬਕ ਨਹੀਂ ਸਨ’ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਸੂਤਰਾਂ ਮੁਤਾਬਕ ਏਜੰਸੀ ਦਾ ਮੰਨਣਾ ਹੈ ਕਿ ਕੇਜਰੀਵਾਲ ਨੂੰ ਭੇਜੇ ਗਏ ਸੰਮਨ ਪੀਐੱਮਐੱਲਏ ਦੀਆਂ ਪ੍ਰਕਿਰਿਆਵਾਂ ਅਤੇ ਕਾਨੂੰਨ ਦੇ ਦਾਇਰੇ ’ਚ ਸਨ। ਮਾਮਲੇ ’ਚ ਈਡੀ ਵੱਲੋਂ ਦਾਖ਼ਲ ਚਾਰਜਸ਼ੀਟ ’ਚ ਕੇਜਰੀਵਾਲ ਦੇ ਨਾਮ ਦਾ ਕਈ ਵਾਰ ਜ਼ਿਕਰ ਕੀਤਾ ਗਿਆ ਹੈ। ਏਜੰਸੀ ਨੇ ਕਿਹਾ ਕਿ ਮੁਲਜ਼ਮ ਦਿੱਲੀ ਆਬਕਾਰੀ ਨੀਤੀ 2021-22 ਦੀ ਤਿਆਰੀ ਦੇ ਸਬੰਧ ’ਚ ਉਨ੍ਹਾਂ ਦੇ ਸੰਪਰਕ ’ਚ ਸਨ, ਜੋ ਹੁਣ ਰੱਦ ਹੋ ਚੁੱਕੀ ਹੈ। ਦੂਜੇ ਪਾਸੇ ‘ਆਪ’ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਭਾਜਪਾ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਤੋਂ ਰੋਕਣ ਲਈ ਸੰਮਨ ਭਿਜਵਾਇਆ ਹੈ।