ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਕਤੂਬਰ
ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਹਿੰਸਾ ਕਾਂਡ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਗ੍ਰਿਫ਼ਤਾਰੀ ਅਤੇ ਉਸ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਸੋਮਵਾਰ ਨੂੰ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਜਥੇਬੰਦੀਆਂ ਨੇ ‘ਰੇਲ ਰੋਕੋ’ ਅੰਦੋਲਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ’ਚ ਤਿੰਨ ਦਰਜਨ ਤੋਂ ਵੱਧ ਰੇਲਵੇ ਲਾਈਨਾਂ ’ਤੇ ਧਰਨੇ ਦੇ ਕੇ ਕਿਸੇ ਵੀ ਰੇਲ ਗੱਡੀ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ। ਮੋਰਚੇ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਰੇਲਵੇ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਅਤੇ ਵਿਰੋਧ ਸ਼ਾਂਤੀਪੂਰਨ ਢੰਗ ਨਾਲ ਪ੍ਰਗਟਾਇਆ ਜਾਵੇ। ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ ਲਖੀਮਪੁਰ ਖੀਰੀ ਹਿੰਸਾ ਕਾਂਡ ’ਚ ਚਸ਼ਮਦੀਦ ਗਵਾਹਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਆਪਣੇ ਬਿਆਨ ਦਰਜ ਨਾ ਕਰਾਉਣ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੂੰ ਜੇਲ੍ਹ ’ਚ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਉਸ ਦੀ ਪਾਰਟੀ ਭਾਜਪਾ ਦੇ ਆਗੂ ਦਾਅਵਾ ਕਰ ਰਹੇ ਹਨ ਕਿ ਉਹ ਸਮੁੱਚੇ ਕਤਲੇਆਮ ਦਾ ਸੂਤਰਧਾਰ ਸੀ। ਉਨ੍ਹਾਂ ਕਿਹਾ ਕਿ ਅਜੈ ਮਿਸ਼ਰਾ ਨੂੰ ਵੀ ਹੁਣ ਤੱਕ ਗ੍ਰਿਫ਼ਤਾਰ ਕਰ ਲਿਆ ਜਾਣਾ ਚਾਹੀਦਾ ਸੀ ਪਰ ਸਿਆਸੀ ਸ਼ਹਿ ਕਰਕੇ ਉਹ ਬਚੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਨਾ ਹਟਾ ਕੇ ਮੰਤਰੀ ਮੰਡਲ ਨੂੰ ਸ਼ਰਮਸਾਰ ਕਰ ਰਹੇ ਹਨ।