ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 7 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਖ਼ਿਲਾਫ਼ ਭਲਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪੂਰੇ ਭਾਰਤ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀ ਆਵਾਜਾਈ ’ਚ ਬਿਨਾਂ ਕੋਈ ਵਿਘਨ ਪਾਇਆਂ ਚੁਣੀਆਂ ਗਈਆਂ ਥਾਵਾਂ ’ਤੇ ਸਕੂਟਰਾਂ, ਮੋਟਰਸਾਈਕਲਾਂ, ਟਰੈਕਟਰਾਂ, ਕਾਰਾਂ, ਬੱਸਾਂ, ਟਰੱਕਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਸਮੇਤ ਪ੍ਰਦਰਸ਼ਨ ਕਰਨਗੇ। ਮੋਰਚੇ ਨੇ ਅਪੀਲ ਕੀਤੀ ਹੈ ਕਿ ਰੋਸ ਪ੍ਰਦਰਸ਼ਨ ਦੌਰਾਨ ਸੜਕਾਂ ਨੂੰ ਨਾ ਰੋਕਿਆ ਜਾਵੇ, ਬਲਕਿ ਸੜਕ ਦੇ ਇੱਕ ਪਾਸੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣ।
ਕਿਸਾਨ ਆਗੂ ਜੋਗਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਇਹ ਇਕ ਅਜਿਹਾ ਮੁੱਦਾ ਹੈ ਜੋ ਸਮਾਜ ਦੇ ਹਰ ਵਰਗ ਨੂੰ ਪ੍ਰਭਾਵਿਤ ਕਰਦਾ ਹੈ, ਇਸ ਕਰਕੇ ਮੋਰਚਾ ਅਪੀਲ ਕਰਦਾ ਹੈ ਕਿ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹੋਰ ਵਰਗਾਂ ਦੇ ਲੋਕ ਪ੍ਰਦਰਸ਼ਨਾਂ ਦਾ ਹਿੱਸਾ ਬਣਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਸਪੱਸ਼ਟ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਨੇ ‘ਮਿਸ਼ਨ ਪੰਜਾਬ’ ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਨਾ ਹੀ ਇਹ ਵਿਚਾਰਿਆ ਗਿਆ ਹੈ। ਮੋਰਚੇ ਨੇ ਚੱਲ ਰਹੀਆਂ ਅਫ਼ਵਾਹਾਂ ਦਾ ਵੀ ਖੰਡਨ ਕੀਤਾ ਹੈ। ਮੋਰਚਾ ਮੀਡੀਆ ਨੂੰ ਅਪੀਲ ਕਰ ਰਿਹਾ ਹੈ ਕਿ ਕਿਸੇ ਵੀ ਕਿਸਾਨ ਆਗੂ ਦੇ ਵਿਅਕਤੀਗਤ ਵਿਚਾਰਾਂ ਜਾਂ ਬਿਆਨਾਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲਿਆਂ ਵਜੋਂ ਨਾ ਪ੍ਰਚਾਰਿਆ ਜਾਵੇ।
ਕੇਂਦਰ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਸਾਰੇ ਵਰਗਾਂ ਨੂੰ ਇਕਜੁੱਟ ਹੋਣ ਦਾ ਸੱਦਾ
ਚੰਡੀਗੜ੍ਹ (ਟ.ਨ.ਸ.): ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ ’ਤੇ ਖੇਤੀ ਕਾਨੂੰਨਾਂ ਵਿਰੁੱਧ ਧਰਨੇ ਜਾਰੀ ਹਨ। ਹੋਰਨਾਂ ਥਾਵਾਂ ਉਤੇ ਧਰਨਿਆਂ ’ਤੇ ਇਕੱਠਾਂ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਦਮਨਕਾਰੀ ਤੇ ਗਰੀਬ ਮਾਰੂ ਨੀਤੀਆਂ ਦੇ ਖ਼ਿਲਾਫ਼ ਸਮੂਹ ਵਰਗਾਂ ਨੂੰ ਇਕਜੁੱਟ ਹੋ ਕੇ ਲੜਾਈ ਲੜਨ ਦੀ ਲੋੜ ਹੈ। ਬੁਲਾਰਿਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਤਾਜ਼ਾ ਪ੍ਰੋਗਰਾਮ ਮੁਤਾਬਕ ਮੋਦੀ ਸਰਕਾਰ ਵੱਲੋਂ ਤੇਲ ਕੀਮਤਾਂ ’ਚ ਕੀਤੇ ਵਾਧੇ ਵਿਰੁੱਧ ਹਰ ਵਰਗ ਦੇ ਲੋਕਾਂ ਦੀ ਲਾਮਬੰਦੀ ਵਧਾਈ ਜਾਵੇਗੀ।