ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਮਈ
ਦਿੱਲੀ ਮੋਰਚੇ ਉੱਤੇ ਡਟੀਆਂ 32 ਕਿਸਾਨ ਯੂਨੀਅਨਾਂ ਨੇ ਕਰੋਨਾਵਾਇਰਸ ਦੇ ਨਾਂ ਹੇਠ ਥੋਪੇ ‘ਲੌਕਡਾਊਨ’ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ 8 ਮਈ ਨੂੰ ਇਨ੍ਹਾਂ ਪਾਬੰਦੀਆਂ ਦਾ ਵਿਰੋਧ ਕਰਨਗੇ ਜਦੋਂਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹ ਕੇ ਇਸ ਵਿਰੋਧ ਦਾ ਹਿੱਸਾ ਬਣਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਖੁੰਝੀ ਤੇ ਹੁਣ ਆਪਣੀ ਇਸੇ ਨਾਕਾਮੀ ’ਤੇ ਪਰਦਾ ਪਾਉਣ ਤੇ ਲੋਕ ਵਿਰੋਧੀ ਫੈਸਲੇ ਲੈਣ ਲਈ ‘ਤਾਲਾਬੰਦੀ’ ਜਿਹੇ ਫੈਸਲੇ ਲਾਗੂ ਕਰ ਰਹੀ ਹੈ। ਲੌਕਡਾਊਨ ਦੇ ਵਿਰੋਧ ਦਾ ਫੈਸਲਾ ਅੱਜ ਇਥੇ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੀ ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ਵਿੱਚ ਲਿਆ ਗਿਆ।
ਮੀਟਿੰਗ ਉਪਰੰਤ ਬਲਦੇਵ ਸਿੰਘ ਨਿਹਾਲਗੜ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਵਿਰੁੱਧ ਲੜਨ ’ਚ ਅਸਫਲ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਤੇ ਬੁਨਿਆਦੀ ਸਹੂਲਤਾਂ ਜਿਵੇਂ ਆਕਸੀਜਨ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ’ਚ ਨਾਕਾਮ ਰਹੀ ਹੈ। ਹਾਲਾਂਕਿ ਭਾਜਪਾ ਕਿਸਾਨਾਂ ਨੂੰ ਕਰੋਨਾ ਫੈਲਾਉਣ ਲਈ ਵੱਡਾ ਕਾਰਨ ਦੱਸਦੀ ਰਹੀ ਹੈ, ਪਰ ਇੱਥੇ ਕਿਸਾਨ ਹਰ ਜ਼ਰੂਰੀ ਸਾਵਧਾਨੀ ਵਰਤ ਰਹੇ ਹਨ।
ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਤੇ ਲੋਕ ਵਿਰੋਧੀ ਫੈਸਲੇ ਲੈਣ ਲਈ ਤਾਲਾਬੰਦੀ ਲਗਾ ਰਹੀ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਤਾਲਾਬੰਦੀ ਕਰਕੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਆਮ ਨਾਗਰਿਕਾਂ ਦੀਆਂ ਜ਼ਿੰਦਗੀਆਂ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈਆਂ ਹਨ। ਲਿਹਾਜ਼ਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ 8 ਮਈ ਨੂੰ ਵੱਡੀ ਗਿਣਤੀ ’ਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ’ਤੇ ਉੱਤਰ ਕੇ ਸੂਬੇ ਵਿੱਚ ਤਾਲਾਬੰਦੀ ਦਾ ਵਿਰੋਧ ਕਰਨਗੇ।
ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਸਰਕਾਰ ਕਰੋਨਾ ਦੀ ਆੜ ਵਿੱਚ ਕਾਰਪੋਰੇਟਾਂ ਨੂੰ ਲਾਭ ਦੇਣਾ ਚਾਹੁੰਦੀ ਹੈ। ਕਿਸਾਨੀ ਕਾਨੂੰਨ ਤੇ ਲੇਬਰ ਕੋਡ ਜਿਹੇ ਕਿਸਾਨੀ ਤੇ ਮਜ਼ਦੂਰ ਮਾਰੂ ਫੈਸਲੇ ਪਿਛਲੇ ਸਾਲ ਤਾਲਾਬੰਦੀ ਦੌਰਾਨ ਲਏ ਗਏ। ਬੋਘ ਸਿੰਘ ਮਾਨਸਾ ਨੇ ਕਿਹਾ ਕਿ 5 ਰਾਜਾਂ ਦੀਆਂ ਚੋਣਾਂ ’ਚ ਕਿਸਾਨਾਂ ਨੇ ਵੱਡੇ ਪੱਧਰ ’ਤੇ ਭਾਜਪਾ ਦਾ ਰਾਜਨੀਤਕ ਨੁਕਸਾਨ ਕੀਤਾ ਹੈ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਨੂੰ ਜਾਨ-ਮਾਲ ਦੀ ਰਾਖੀ ਕਿਹਾ ਜਾਂਦਾ ਹੈ, ਪਰ ਮਾਲ ਤਾਂ ਕੀ, ਸਰਕਾਰ ਲੋਕਾਂ ਦੀਆਂ ਜਾਨਾਂ ਦੀ ਸੰਭਾਲ ਵੀ ਨਹੀਂ ਕਰ ਰਹੀ। ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਸਰਕਾਰ ਕਰੋਨਾ ਦੀ ਆੜ ਹੇਠ ਸ਼ੋਸ਼ਣਵਾਦੀ ਫੈਸਲੇ ਲੈਂਦੀ ਆ ਰਹੀ ਹੈ ਤੇ ਇਸ ਦਿਸ਼ਾ ’ਚ ਕਿਸਾਨਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹਮੇਸ਼ਾ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਰਹਿੰਦੇ ਹਨ ਤੇ ਪੂਰੀ ਤਰ੍ਹਾਂ ਆਸ਼ਾਵਾਦੀ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੇ ਤੇ ਸਾਫ ਨੀਅਤ ਤੇ ਚੰਗੇ ਮਾਹੌਲ ’ਚ ਗੱਲਬਾਤ ਕਰੇ।
ਅਗਲੇ ਦਿਨਾਂ ’ਚ ਦਿੱਲੀ ਰਵਾਨਾ ਹੋਣਗੇ ਵੱਡੇ ਕਾਫ਼ਲੇ
ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 10 ਮਈ ਅਤੇ 12 ਮਈ ਨੂੰ ਖਨੌਰੀ ਤੇ ਸ਼ੰਭੂ ਬਾਰਡਰ ਰਸਤਿਓਂ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ ਤੇ ਮੋਰਚਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਕਿਸਾਨਾਂ ਦਾ ਧਰਨਾ ਹਮੇਸ਼ਾ ਮਜ਼ਬੂਤ ਰਹੇਗਾ। ਵਾਢੀ ਦਾ ਸੀਜ਼ਨ ਖ਼ਤਮ ਹੋ ਗਿਆ ਹੈ ਤੇ ਹੁਣ ਕਿਸਾਨ ਵੱਖ-ਵੱਖ ਜਥਿਆਂ ਵਿੱਚ ਦਿੱਲੀ ਲਈ ਰਵਾਨਾ ਹੋਣਗੇ।